
Skip to content
ਜਲੰਧਰ (ਪਰਮਜੀਤ ਸਿੰਘ ਨੈਨਾ) ਅੱਜ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਭਾਈ ਗੁਰਦਾਸ ਹਾਲ ਵਿਖੇ ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਗੁਰਮੀਤ ਕੌਰ ਅਤੇ ਸਕੂਲ ਦੇ ਸਮੂਹ ਸਟਾਫ ਦੀ ਅਗਵਾਈ ਹੇਠ ਆਯੋਜਿਤ ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਬੱਚਿਆਂ ਨੇ ਪੰਜਾਬ ਦੇ ਵਿਰਸੇ ਅਤੇ ਸੱਭਿਆਚਾਰ ਨਾਲ ਸਬੰਧਿਤ ਸਕਿਟ, ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਸਕੂਲ ਕਮੇਟੀ ਦੇ ਚੇਅਰਮੈਨ ਸ ਗੁਰਕਿਰਪਾਲ ਸਿੰਘ, ਵਾਇਸ ਚੇਅਰਮੈਨ ਸ ਸਤਿੰਦਰਪਾਲ ਸਿੰਘ ਛਾਬੜਾ ਨੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਅਖੀਰ ਵਿੱਚ ਚੇਅਰਮੈਨ ਸ੍ਰ ਗੁਰਕਿਰਪਾਲ ਸਿੰਘ ਨੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਦਸਿਆ ਕਿ ਪੰਜਾਬ ਗੁਰੂਆਂ, ਪੀਰਾਂ-ਫ਼ਕੀਰਾਂ ਅਤੇ ਸੂਰਬੀਰ ਯੋਧਿਆਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਅਤੇ ਇਥੇ ਵੱਖ-ਵੱਖ ਧਰਮਾਂ ਦੇ ਲੋਕ ਵਸਦੇ ਹਨ, ਜਿਸ ਕਰਕੇ ਹਰ ਧਰਮ ਦੇ ਆਪਣੇ ਆਪਣੇ ਦਿਨ ਤਿਉਹਾਰ ਹਨ।
ਸਾਵਣ ਦੇ ਮਹੀਨੇ ਦਾ ਜ਼ਿਕਰ ਕਰਦਿਆਂ ਸ੍ਰ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਇਸ ਮਹੀਨੇ ਦਾ ਅਤੇ ਇਸ ਨਾਲ ਸਬੰਧਤ ਰਾਗ ਮਲ੍ਹਾਰ ਦੀ ਬਾਣੀ ਦਾ ਵਿਸ਼ੇਸ਼ ਜ਼ਿਕਰ ਹੈ, ਪਰ ਅੱਜ ਦੀ ਪੀੜ੍ਹੀ ਇਤਿਹਾਸ ਤੋਂ ਗਾਫ਼ਲ ਹੋਣ ਕਰਕੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਰੁਚੀ ਨਹੀਂ ਰੱਖਦੀ। ਪਰ ਇਥੇ ਸਕੂਲੀ ਵਿਦਿਆ ਦੇ ਨਾਲ-ਨਾਲ ਬੱਚਿਆਂ ਵਿੱਚ ਧਾਰਮਿਕ ਵਿਦਿਆ ਅਤੇ ਪੰਜਾਬ ਦੇ ਸਭਿਆਚਾਰ ਪ੍ਰਤੀ ਰੁਚੀ ਪੈਦਾ ਕਰਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਪ੍ਰੋਗਰਾਮ ਦੀ ਸਮਾਪਤੀ ਉਪਰੰਤ ਬੱਚਿਆਂ ਨੂੰ ਅਤੇ ਆਏ ਹੋਏ ਮਹਿਮਾਨਾਂ ਮਾਲ੍ਹ ਪੂੜੇ ਅਤੇ ਖੀਰ ਦਾ ਲੰਗਰ ਵਰਤਾਇਆ ਗਿਆ।Related