ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਸਿਮਰਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਨਾਲ ਸੰਬੰਧਿਤ ਸੀ।ਮਿਲੀ ਜਾਣਕਾਰੀ ਅਨੁਸਾਰ ਹਰਸਿਮਰਤ ਸਿੰਘ ਕਰੀਬ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ, ਜਿਥੇ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਘਰ ਦੀ ਆਰਥਿਕ ਹਾਲਤ ਸੁਧਾਰਨ ਵਿਚ ਲੱਗਾ ਹੋਇਆ ਸੀ।ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਹਰਸਿਮਰਤ ਨੇ ਦਮ ਤੋੜ ਦਿੱਤਾ। ਜਿਵੇਂ ਹੀ ਇਹ ਦੁਖਦਾਈ ਖ਼ਬਰ ਪਿੰਡ ਖੋਖਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਹੁੰਚੀ, ਉਥੇ ਸੋਗ ਦੀ ਲਹਿਰ ਦੌੜ ਗਈ ਅਤੇ ਪਿੰਡ ਵਾਸੀਆਂ ਵਲੋਂ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ।