2026-27 ਦੇ ਸੈਸ਼ਨ ’ਚ ਟਿਊਸ਼ਨ, ਰਜਿਸਟ੍ਰੇਸ਼ਨ ਤੇ ਹੋਸਟਲ ਫੀਸਾਂ ਪਿਛਲੇ ਸੈਸ਼ਨ ਦੇ ਪੱਧਰ ’ਤੇ ਹੀ ਰਹਿਣਗੀਆਂ

ਪਟਿਆਲਾ (ਅਮਿਤ ਨੱਖਵਾਲ): ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸੈਸ਼ਨ 2026-27 ਲਈ ਫੀਸਾਂ ਵਿੱਚ ਕੀਤਾ ਗਿਆ ਹਾਲੀਆ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਅਥਾਰਿਟੀ ਦੇ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਵਿਦਿਆਰਥੀਆਂ ਦੀਆਂ ਮੰਗਾਂ ਅਤੇ ਹਿਤਾਂ ਨੂੰ ਮੁੱਖ ਰੱਖਦਿਆਂ ਫੀਸਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸੈਸ਼ਨ 2026-27 ਦੌਰਾਨ ਟਿਊਸ਼ਨ/ਕੋਰਸ ਫੀਸ, ਰਜਿਸਟ੍ਰੇਸ਼ਨ ਫੀਸ ਅਤੇ ਹੋਸਟਲ ਫੀਸਾਂ ਵਿੱਚ ਕੀਤਾ ਗਿਆ ਸਮੁੱਚਾ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫੈਸਲਾ ਲਿਆ ਗਿਆ।

ਉਪ-ਕੁਲਪਤੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਡੇਰੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਅਹਿਮ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਨੁਮਾਇੰਦਿਆਂ ਅਤੇ ਹੋਰ ਹਿੱਸੇਦਾਰਾਂ ਵੱਲੋਂ ਫੀਸ ਵਾਧੇ ਸਬੰਧੀ ਪ੍ਰਗਟਾਈਆਂ ਗਈਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ।

ਡਾ. ਜਗਦੀਪ ਸਿੰਘ ਨੇ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਪਹੁੰਚਯੋਗ ਅਤੇ ਕਿਫਾਇਤੀ ਉੱਚ ਸਿੱਖਿਆ ਮੁਹੱਈਆ ਕਰਵਾਉਣਾ ਯੂਨੀਵਰਸਿਟੀ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਵਚਨਬੱਧਤਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸਤਾਵਿਤ ਫੀਸ ਵਾਧੇ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਫੈਸਲੇ ਨਾਲ ਸੈਸ਼ਨ 2026-27 ਲਈ ਫੀਸਾਂ ਦਾ ਢਾਂਚਾ ਪਿਛਲੇ ਅਕਾਦਮਿਕ ਸੈਸ਼ਨ ਦੌਰਾਨ ਲਾਗੂ ਫੀਸਾਂ ਦੇ ਪੱਧਰ ’ਤੇ ਹੀ ਕਾਇਮ ਰਹੇਗਾ। ਭਾਵ, ਵਿਦਿਆਰਥੀਆਂ ਲਈ ਫੀਸਾਂ ਦੇ ਮਾਮਲੇ ਵਿੱਚ ਪਹਿਲਾਂ ਵਾਲੀ ਸਥਿਤੀ ਹੀ ਬਰਕਰਾਰ ਰਹੇਗੀ।

ਉਪ-ਕੁਲਪਤੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਅਕਾਦਮਿਕ ਹਿਤ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਤਰਜੀਹ ਹਨ। ਉਨ੍ਹਾਂ ਮੰਨਿਆ ਕਿ ਯੂਨੀਵਰਸਿਟੀ ਇਸ ਸਮੇਂ ਗੰਭੀਰ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਆਰਥਿਕ ਮੁਸ਼ਕਲਾਂ ਕਾਰਨ ਮਿਆਰੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ।

ਰਿਪੋਰਟ:- ਅਮਿਤ ਨੱਖਵਾਲ