ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਹਾਲਾਂਕਿ, ਸੂਬੇ ਵਿੱਚ ਇਹ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਟਿਆਲਾ ਵਿੱਚ ਸੀ। ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਇਹ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਕੱਲ੍ਹ ਬੁੱਧਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਬੱਦਲ ਛਾਏ ਰਹੇ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ.ਨਗਰ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਡਿੱਗ ਰਿਹਾ ਹੈ। ਅੰਦਾਜ਼ਾ ਹੈ ਕਿ ਇਹ ਗਿਰਾਵਟ ਅੱਜ ਵੀ ਜਾਰੀ ਰਹੇਗੀ ਪਰ ਇਸ ਤੋਂ ਬਾਅਦ ਇੱਕ ਹਫ਼ਤੇ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਦੌਰਾਨ ਮੌਸਮ ਵਿੱਚ ਮਾਮੂਲੀ ਸੁਧਾਰ ਹੋਵੇਗਾ।