Skip to content
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਗੁਰਪੁਰਬ ਤੋਂ ਠੀਕ ਪਹਿਲਾਂ ਸ਼ਹਿਰ ਭਰ ਵਿੱਚ ਲੱਗੇ ਉਨ੍ਹਾਂ ਦੇ ਬੋਰਡ ਉਤਰਵਾਉਣ ਦੇ ਮਾਮਲੇ ’ਤੇ ਤਿੱਖਾ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਲੀਡਰਸ਼ਿਪ ’ਤੇ ਸਵਾਲ ਖੜ੍ਹੇ ਕੀਤੇ ਹਨ।
ਰਾਕੇਸ਼ ਰਾਠੌਰ ਨੇ ਕਿਹਾ ਕਿ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਕਾਰਨ ਆਮ ਆਦਮੀ ਪਾਰਟੀ ਸਿਆਸੀ ਤੌਰ ’ਤੇ ਹਤਾਸ਼ ਹੋ ਕੇ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਪੁਰਬ ਵਰਗੇ ਪਵਿੱਤਰ ਮੌਕੇ ਤੋਂ ਠੀਕ ਪਹਿਲਾਂ ਬੋਰਡ ਹਟਵਾਉਣਾ ਲੋਕਾਂ ਵਿੱਚ ਗਲਤ ਸੰਦੇਸ਼ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਆਪਸੀ ਭਾਈਚਾਰੇ, ਸਹਿਣਸ਼ੀਲਤਾ, ਸੇਵਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ। ਅਜਿਹੇ ਪਵਿੱਤਰ ਮੌਕੇ ’ਤੇ ਸਿਆਸੀ ਵਿਰੋਧੀਆਂ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਨਾ ਠੀਕ ਨਹੀਂ ਹੈ।
ਰਾਠੌਰ ਨੇ ਕਿਹਾ ਕਿ ਸਿਆਸੀ ਮੁਕਾਬਲਾ ਵਿਚਾਰਾਂ, ਲੋਕ ਸੇਵਾ ਅਤੇ ਵਿਕਾਸ ਦੇ ਕੰਮਾਂ ਨਾਲ ਹੁੰਦਾ ਹੈ, ਨਾ ਕਿ ਬੋਰਡ ਅਤੇ ਹੋਰਡਿੰਗ ਉਤਰਵਾ ਕੇ। ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਪੋਸਟਰਾਂ ਨਾਲ ਨਹੀਂ, ਸਗੋਂ ਸਾਲਾਂ ਦੀ ਮਿਹਨਤ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਨਾਲ ਬਣਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਦੇ ਜਨਆਧਾਰ ’ਤੇ ਕੋਈ ਅਸਰ ਨਹੀਂ ਪਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਲੋਕਪ੍ਰਿਯਤਾ ਤੋਂ ਕੋਈ ਪਰੇਸ਼ਾਨੀ ਹੈ ਤਾਂ ਉਸ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਨ ਦੀ ਬਜਾਏ ਆਪਣੀ ਸਰਕਾਰ ਦੇ ਕੰਮਾਂ ਦਾ ਹਿਸਾਬ ਜਨਤਾ ਨੂੰ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ।
ਅੰਤ ਵਿੱਚ ਰਾਕੇਸ਼ ਰਾਠੌਰ ਨੇ ਕਿਹਾ ਕਿ ਭਾਜਪਾ ਲੋਕਤੰਤਰੀ ਢੰਗ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਅੱਗੇ ਨਹੀਂ ਝੁਕੇਗੀ। ਉਨ੍ਹਾਂ ਕਿਹਾ ਕਿ ਬੋਰਡ ਉਤਰਵਾਉਣ ਨਾਲ ਕਿਸੇ ਦੀ ਲੋਕਪ੍ਰਿਯਤਾ ਘੱਟ ਨਹੀਂ ਕੀਤੀ ਜਾ ਸਕਦੀ ਅਤੇ ਜਨਤਾ ਹਰ ਗੱਲ ਨੂੰ ਦੇਖ ਰਹੀ ਹੈ।
Related