Skip to content
2027 ਦੀਆਂ ਚੋਣਾਂ ਲਈ ਰਾਕੇਸ਼ ਰਾਠੌਰ ਨੇ ਕੇਂਦਰੀ ਹਲਕੇ ਵਿੱਚ ਤੇਜ਼ ਕੀਤੀ ਜਨਸੰਪਰਕ ਮੁਹਿੰਮ
ਕੈਂਟ ਰੇਲਵੇ ਸਟੇਸ਼ਨ ਵਿਖੇ ਟੈਕਸੀ ਯੂਨੀਅਨ ਦੇ ਪ੍ਰਧਾਨ ਆਸ਼ੂ ਕੁਮਾਰ ਅਤੇ ਸਾਥੀਆਂ ਨਾਲ ਕੀਤੀ ਮੀਟਿੰਗ, ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਲੈ ਕੇ ਲੋਕਾਂ ਨੂੰ ਕੀਤਾ ਜਾਗਰੂਕ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) – ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਉਨ੍ਹਾਂ ਨੇ ਕੈਂਟ ਰੇਲਵੇ ਸਟੇਸ਼ਨ ਵਿਖੇ ਸਥਾਨਕ ਟੈਕਸੀ ਯੂਨੀਅਨ ਦੇ ਪ੍ਰਧਾਨ ਆਸ਼ੂ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਰਾਕੇਸ਼ ਰਾਠੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਰੀਬਾਂ ਦੀ ਭਲਾਈ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਦੇਸ਼ ਦੀ ਤਰੱਕੀ ਲਈ ਕਈ ਅਹਿਮ ਕਦਮ ਚੁੱਕੇ ਹਨ। ਭਾਜਪਾ ਦਾ ਮੁੱਖ ਉਦੇਸ਼ ਇਨ੍ਹਾਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਪੰਜਾਬ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ।
ਰਾਕੇਸ਼ ਰਾਠੌਰ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਫੈਸਲਿਆਂ ਕਾਰਨ ਪੰਜਾਬ ਆਰਥਿਕ ਬਦਹਾਲੀ ਅਤੇ ਪ੍ਰਸ਼ਾਸਨਿਕ ਅਵਿਵਸਥਾ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਹੋਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਅਤੇ ਨਾਰਾਜ਼ਗੀ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਲਈ ਬੇਹੱਦ ਅਹਿਮ ਹੋਣਗੀਆਂ। ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਵਿਕਾਸ, ਸੁਸ਼ਾਸਨ, ਸੁਰੱਖਿਆ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਜਨਤਾ ਵਿੱਚ ਜਾਵੇਗਾ। ਗੱਠਜੋੜ ਦਾ ਟੀਚਾ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਹੈ।
ਰਾਠੌਰ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਜਨਸੰਪਰਕ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਭਾਜਪਾ ਵਰਕਰ ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਨਾਲ 2027 ਦੀਆਂ ਚੋਣਾਂ ਵਿੱਚ ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਨੂੰ ਵੱਡੀ ਸਫਲਤਾ ਮਿਲੇਗੀ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੋਲਡੀ ਭਾਟੀਆ, ਮਨੀਸ਼ ਵਿਜ, ਜ਼ਿਲ੍ਹਾ ਸਕੱਤਰ ਲਲਿਤ ਬੱਬੂ, ਅਮਿਤ ਭਾਟੀਆ, ਮੰਡਲ ਪ੍ਰਧਾਨ ਚੰਦਨ ਰਖੇਜਾ, ਭੁਪਿੰਦਰ, ਅਨੂ, ਭਾਨੂ ਮਲਹੋਤਰਾ, ਮਨੀਸ਼ ਨੱਡਾ, ਅਸ਼ੋਕ ਕੁਮਾਰ ਸਮੇਤ ਹੋਰ ਭਾਜਪਾ ਵਰਕਰ ਅਤੇ ਸਥਾਨਕ ਪਤਵੰਤੇ ਮੌਜੂਦ ਸਨ।
Related