ਮੌੜ ਰੋਡ ’ਤੇ ਭਿਆਨਕ ਸੜਕ ਹਾਦਸਾ, ਟਰਾਲੇ ਨਾਲ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ

ਰਾਮਪੁਰਾ ਫੂਲ (ਅਰਸ਼ਦੀਪ ਸਿੰਘ ਕਾਲੜਾ) : ਐਤਵਾਰ ਦੇਰ ਸ਼ਾਮ ਮੌੜ ਰੋਡ ’ਤੇ ਪਿੰਡ ਮੰਡੀ ਕਲਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਨਿੱਜੀ ਵਾਹਨ ਰਾਹੀਂ ਸਿਵਲ ਹਸਪਤਾਲ ਰਾਮਪੁਰਾ ਫੂਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾਂ ਦੀ ਪਛਾਣ ਪਿੰਡ ਮੰਡੀ ਕਲਾਂ ਵਾਸੀ ਦੀਪਕ ਸਿੰਘ (20) ਪੁੱਤਰ ਭਰਪੂਰ ਸਿੰਘ ਅਤੇ ਅਰਸ਼ਦੀਪ ਸਿੰਘ (45) ਪੁੱਤਰ ਬੋਘੜ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋਵੇਂ ਐਤਵਾਰ ਦੇਰ ਸ਼ਾਮ ਮੋਟਰਸਾਈਕਲ ’ਤੇ ਰਾਮਪੁਰਾ ਫੂਲ ਤੋਂ ਆਪਣੇ ਪਿੰਡ ਮੰਡੀ ਕਲਾਂ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਇੱਕ ਟਰਾਲੇ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਬਾਅਦ ਵਿੱਚ ਹਸਪਤਾਲ ਵਿੱਚ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਘਟਨਾ ਸਬੰਧੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।