ਜਤਿੰਦਰ ਪਿੰਕਲ, ਫ਼ਿਰੋਜ਼ਪੁਰ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਕਿਸਾਨਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵਿਖੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਖਾਦ ਦੀ ਕਾਲਾਬਾਜ਼ਾਰੀ, ਖੇਤੀਬਾੜੀ ਨਾਲ ਸਬੰਧਤ ਚੋਰੀਆਂ, ਪਰਾਲੀ ਦੇ ਮੁੱਦੇ, ਬਾਸਮਤੀ ਦੀ ਖ਼ਰੀਦ ਅਤੇ ਬਿਜਲੀ ਨਾਲ ਜੁੜੀਆਂ ਸਮੱਸਿਆਵਾਂ ਸਮੇਤ ਕਈ ਮੰਗਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਦੇ ਸਾਹਮਣੇ ਰੱਖਿਆ।

ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪਿੰਡ ਭਾਂਗਰ, ਸੰਧੇ ਹਾਸ਼ਮ ਅਤੇ ਹੋਰ ਇਲਾਕਿਆਂ ਵਿੱਚ ਖੇਤਾਂ ‘ਚੋਂ ਤਾਰਾਂ ਅਤੇ ਬਿਜਲੀ ਦੇ ਮੀਟਰ ਚੋਰੀ ਹੋਣ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਬਣਦੀ ਕਾਰਵਾਈ ਨਹੀਂ ਹੋ ਰਹੀ। ਯੂਨੀਅਨ ਨੇ ਚੋਰੀ ਦਾ ਮਾਲ ਖਰੀਦਣ ਵਾਲੇ ਕਬਾੜੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਖਾਦ ਦੀ ਕਥਿਤ ਕਾਲਾਬਾਜ਼ਾਰੀ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰਨ ਦੀ ਮੰਗ ਕਰਦਿਆਂ ਯੂਨੀਅਨ ਨੇ ‘ਗੋਲਡ ਸਚਦੇਵਾ ਟਰੇਡਰਜ਼’ ਅਤੇ ‘ਜੈਸਮਿਨ ਪੈਸਟੀਸਾਈਡਜ਼’ ਸਬੰਧੀ ਮਿਲੀਆਂ ਸ਼ਿਕਾਇਤਾਂ ਦੀ ਜਾਂਚ ਕਰਕੇ, ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ।

ਪਰਾਲੀ ਦੇ ਮੁੱਦੇ ‘ਤੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਮਕਾਉਣ ਅਤੇ ਪਰਚੇ ਦਰਜ ਕਰਨ ਦੀ ਬਜਾਏ ਸਰਕਾਰ ਵੱਲੋਂ ਢੁਕਵਾਂ ਹੱਲ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਂ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਬਾਸਮਤੀ ਝੋਨੇ ਦੀ ਖ਼ਰੀਦ ਨੂੰ ਲੈ ਕੇ ਯੂਨੀਅਨ ਨੇ ਸਰਕਾਰੀ ਪੱਧਰ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਖ਼ਰੀਦ ਦੀ ਮੰਗ ਰੱਖੀ। ਕਿਸਾਨ ਆਗੂਆਂ ਨੇ ਚਿੱਪ ਵਾਲੇ ਸਮਾਰਟ ਮੀਟਰ ਲਗਾਉਣ ਦੀ ਪ੍ਰਕਿਰਿਆ ਬੰਦ ਕਰਨ ਅਤੇ ਜਿਨ੍ਹਾਂ ਖਪਤਕਾਰਾਂ ਦੇ ਮੀਟਰ ਉਤਾਰੇ ਗਏ ਹਨ, ਉਨ੍ਹਾਂ ਨੂੰ ਆਰਜ਼ੀ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ।

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਸਬਸਿਡੀ ‘ਤੇ ਸੋਲਰ ਸਿਸਟਮ ਮੁਹੱਈਆ ਕਰਵਾਉਣ ਅਤੇ ਦਰਿਆਵਾਂ ਦੀ ਸਫ਼ਾਈ ਕਰਵਾਉਣ ਦੀ ਮੰਗ ਵੀ ਕੀਤੀ ਗਈ, ਤਾਂ ਜੋ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਘਟਾਇਆ ਜਾ ਸਕੇ। ਇਸ ਦੇ ਨਾਲ ਹੀ ਕਿਸਾਨਾਂ ਨਾਲ ਹੋਈਆਂ ਠੱਗੀਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਉਠਾਈ ਗਈ।

ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ, ਬਲਾਕ ਪ੍ਰਧਾਨ ਮੱਲਾਂਵਾਲਾ ਬੋਹੜ ਸਿੰਘ ਪੀਰਾ ਆਰਾ, ਲਖਬੀਰ ਸਿੰਘ ਲਹਿਰਾ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।