
Skip to content

ਬਲੋਤਰਾ (ਅਮਿਤ ਨਖਵਾਲ): ਰਾਜਸਥਾਨ ਦੇ ਬਲੋਤਰਾ ਜ਼ਿਲ੍ਹੇ ਵਿੱਚ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਸਕਾਰਪੀਓ ਆਪਣੇ ਅੱਗੇ ਜਾ ਰਹੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਸਕਾਰਪੀਓ ਦੇ ਪਰਖੱਚੇ ਉੱਡ ਗਏ।
ਇਹ ਦਰਦਨਾਕ ਹਾਦਸਾ ਬਾੜਮੇਰ-ਜੋਧਪੁਰ ਰਾਸ਼ਟਰੀ ਰਾਜਮਾਰਗ ‘ਤੇ ਪਚਪਦਰਾ ਥਾਣਾ ਖੇਤਰ ਦੇ ਭਾਡੀਆਵਾਸ ਪਿੰਡ ਨੇੜੇ ਰਾਤ ਕਰੀਬ 11:30 ਵਜੇ ਵਾਪਰਿਆ।
ਮ੍ਰਿਤਕਾਂ ਦੀ ਪਛਾਣ ਰੇਵੰਤਰਾਮ (26), ਸਵਰੂਪਰਾਮ (27), ਭਰਤ (25), ਕਿਸ਼ਨ (27) ਅਤੇ ਭਾਵੇਸ਼ ਜਾਟ ਵਜੋਂ ਹੋਈ ਹੈ। ਸਾਰੇ ਮ੍ਰਿਤਕ ਬਲੋਤਰਾ ਜ਼ਿਲ੍ਹੇ ਦੇ ਕਨੋਦ ਪਿੰਡ ਦੇ ਰਹਿਣ ਵਾਲੇ ਸਨ।
ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਬਾਬੂ, ਮੁਕੇਸ਼ ਅਤੇ ਹੇਮਾਰਾਮ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜੋਧਪੁਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਪੁਲਿਸ ਅਨੁਸਾਰ ਸਾਰੇ ਨੌਜਵਾਨ ਜੋਧਪੁਰ ਦੇ ਭੋਮੀਆਜੀ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਸਕਾਰਪੀਓ ਰਾਹੀਂ ਆਪਣੇ ਪਿੰਡ ਵਾਪਸ ਪਰਤ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ਦੀ ਗੱਡੀ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related