
Skip to content

ਬੀਤੀ ਰਾਤ ਨੈਸ਼ਨਲ ਹਾਈਵੇਅ-21 (205) ’ਤੇ ਪਿੰਡ ਅਹਿਮਦਪੁਰ ਨੇੜੇ ਫਲਾਈਓਵਰ ਉੱਪਰ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਘਨੌਲਾ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਉਰਫ਼ ਮਨੀ ਮਹਾਦੇਵ ਪੁੱਤਰ ਹਰਪਾਲ ਸਿੰਘ ਅਤੇ ਹਰਕਿਰਤ ਸਿੰਘ ਉਰਫ਼ ਹੈਰੀ ਪੁੱਤਰ ਪਰਮਿੰਦਰ ਸਿੰਘ ਵਾਸੀ ਘਨੌਲਾ ਬੁਲੇਟ ਮੋਟਰਸਾਈਕਲ ’ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਪਣੇ ਪਿੰਡ ਵਾਪਸ ਪਰਤ ਰਹੇ ਸਨ। ਜਦੋਂ ਉਹ ਅਹਿਮਦਪੁਰ ਨੇੜੇ ਫਲਾਈਓਵਰ ’ਤੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਸੜਕ ’ਤੇ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਇਆ।
ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰਾਂ ਵਿੱਚ ਚੀਕ-ਚਿਹਾੜਾ ਮਚ ਗਿਆ। ਪਿੰਡ ਘਨੌਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
Related