Skip to content
ਦੀਵਾਲੀ ਦੀਆਂ ਖੁਸ਼ੀਆਂ ਹਰ ਘਰ ਤੱਕ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ — ਪ੍ਰਧਾਨ ਜੀਵਨ ਪ੍ਰਕਾਸ਼ ਬਾਂਸਲ
ਨਾਭਾ, 9 ਨਵੰਬਰ (ਅਮਨ ਗਰਗ): ਰੋਟਰੀ ਕਲੱਬ ਨਾਭਾ ਵੱਲੋਂ ਸਮਾਜ ਸੇਵਾ ਅਤੇ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਸੇਵਾ ਕਾਰਜ ਕੀਤਾ ਗਿਆ। ਕਲੱਬ ਦੇ ਪ੍ਰਧਾਨ ਜੀਵਨ ਪ੍ਰਕਾਸ਼ ਬਾਂਸਲ ਦੀ ਅਗਵਾਈ ਹੇਠ ਕਲੱਬ ਦੀ ਟੀਮ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋੜਵੰਦ ਪਰਿਵਾਰਾਂ ਨੂੰ ਮਠਿਆਈਆਂ, ਨਮਕੀਨ ਅਤੇ ਬੱਚਿਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਇਸ ਮੌਕੇ ਰੋਟਰੀ ਕਲੱਬ ਨਾਭਾ ਦੇ ਪ੍ਰਧਾਨ ਜੀਵਨ ਪ੍ਰਕਾਸ਼ ਬਾਂਸਲ ਅਤੇ ਚੇਅਰਮੈਨ ਰਵਨੀਸ਼ ਕੁਮਾਰ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਉਦੋਂ ਮਿਲਦੀ ਹੈ, ਜਦੋਂ ਅਸੀਂ ਆਪਣੀਆਂ ਖੁਸ਼ੀਆਂ ਸਮਾਜ ਦੇ ਲੋੜਵੰਦ ਲੋਕਾਂ ਨਾਲ ਸਾਂਝੀਆਂ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਰੋਟਰੀ ਕਲੱਬ ਦਾ ਮੁੱਖ ਉਦੇਸ਼ ਲੋੜਵੰਦ ਪਰਿਵਾਰਾਂ ਦੇ ਘਰਾਂ ਵਿੱਚ ਵੀ ਖੁਸ਼ੀਆਂ ਦੀ ਰੌਸ਼ਨੀ ਪਹੁੰਚਾਉਣਾ ਅਤੇ ਬੱਚਿਆਂ ਦੇ ਚਿਹਰਿਆਂ ’ਤੇ ਮੁਸਕਰਾਹਟ ਲਿਆਉਣਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਰੋਟਰੀ ਕਲੱਬ ਨਾਭਾ ਹਮੇਸ਼ਾ ਸਮਾਜ ਭਲਾਈ ਦੇ ਕੰਮਾਂ ਵਿੱਚ ਮੋਹਰੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ। ਉਨ੍ਹਾਂ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਉਣ ਤਾਂ ਜੋ ਹਰ ਵਿਅਕਤੀ ਤਿਉਹਾਰਾਂ ਦੀਆਂ ਖੁਸ਼ੀਆਂ ਮਨਾ ਸਕੇ।
ਇਸ ਦੌਰਾਨ ਤੋਹਫ਼ੇ ਪ੍ਰਾਪਤ ਕਰਨ ਵਾਲੇ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਦੇਖਣ ਨੂੰ ਮਿਲੀ। ਪਿੰਡਾਂ ਦੇ ਪਰਿਵਾਰਾਂ ਨੇ ਰੋਟਰੀ ਕਲੱਬ ਨਾਭਾ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।
ਇਸ ਨੇਕ ਕਾਰਜ ਦੌਰਾਨ ਪ੍ਰਧਾਨ ਜੀਵਨ ਪ੍ਰਕਾਸ਼ ਬਾਂਸਲ, ਚੇਅਰਮੈਨ ਰਵਨੀਸ਼ ਕੁਮਾਰ, ਨਿਤਿਨ, ਭਾਰਤ ਭੂਸ਼ਣ ਜੈਨ, ਮਨਦੀਪ ਭਾਟੀਆ, ਡਾ. ਆਈ.ਡੀ. ਗੋਇਲ, ਡਾ. ਰਜਿੰਦਰ ਗੇਰਾ, ਰੋਹਿਤ ਜਿੰਦਲ, ਡਾ. ਸੱਤਿਆਵੀਰ ਜਿੰਦਲ ਅਤੇ ਰਜਿਤ ਜਤਵਾਨੀ ਸਮੇਤ ਰੋਟਰੀ ਕਲੱਬ ਦੇ ਹੋਰ ਅਹੁਦੇਦਾਰ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Related