ਭਾਰਤ-ਅਮਰੀਕਾ ਵਿਚਾਲੇ ਰੂਸ-ਈਰਾਨ ਨਾਲ ਆਰਥਿਕ ਸਬੰਧਾਂ ਵਾਲੇ ਦੇਸ਼ਾਂ ’ਤੇ ਪਾਬੰਦੀਆਂ ਬਾਰੇ ਚਰਚਾ

ਨਵੀਂ ਦਿੱਲੀ/ਨਿਊਯਾਰਕ (ਅਰਸ਼ਦੀਪ ਸਿੰਘ ਕਾਲੜਾ) : ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ, ਯੂਕਰੇਨ ਅਤੇ ਖਾੜੀ ਖੇਤਰ ਦੀ ਸਥਿਤੀ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਜਾਰੀ ਬਿਆਨ ਮੁਤਾਬਕ, ਰੂਬੀਓ ਅਤੇ ਜੈਸ਼ੰਕਰ ਨੇ ਉਨ੍ਹਾਂ ਦੇਸ਼ਾਂ ’ਤੇ ਸੰਭਾਵੀ ਪਾਬੰਦੀਆਂ ਬਾਰੇ ਵੀ ਚਰਚਾ ਕੀਤੀ, ਜਿਨ੍ਹਾਂ ਦੇ ਰੂਸ ਅਤੇ ਈਰਾਨ ਨਾਲ ਆਰਥਿਕ ਸਬੰਧ ਹਨ। ਰੂਬੀਓ ਨੇ ਕਿਹਾ ਕਿ ਅਮਰੀਕਾ ਆਪਣੇ ਖੇਤਰੀ ਭਾਈਵਾਲਾਂ ਦੀਆਂ ਊਰਜਾ ਸੁਰੱਖਿਆ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਦਦ ਕਰਨ ਲਈ ਤਿਆਰ ਹੈ।

ਮੁਲਾਕਾਤ ਦੌਰਾਨ ਜੈਸ਼ੰਕਰ ਨੇ ਰੂਸ ਅਤੇ ਈਰਾਨ ਨਾਲ ਸਬੰਧਤ ਅਮਰੀਕੀ ਪਾਬੰਦੀਆਂ ਦੇ ਕਾਨੂੰਨ (SRIA) ਨੂੰ ਲੈ ਕੇ ਭਾਰਤ ਦੇ ਹਿੱਤਾਂ ਅਤੇ ਚਿੰਤਾਵਾਂ ਨੂੰ ਅਮਰੀਕੀ ਧਿਰ ਸਾਹਮਣੇ ਰੱਖਿਆ। ਉਨ੍ਹਾਂ ਖਾੜੀ ਖੇਤਰ ਅਤੇ ਯੂਕਰੇਨ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ।

ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਨਿਊਯਾਰਕ ਵਿੱਚ ਰੂਬੀਓ ਨਾਲ ਮੁਲਾਕਾਤ ਦੌਰਾਨ ਭਾਰਤ ਦੇ ਹਿੱਤਾਂ ਅਤੇ ਚਿੰਤਾਵਾਂ ਨੂੰ ਦੁਹਰਾਇਆ ਗਿਆ। ਦੂਜੇ ਪਾਸੇ ਰੂਬੀਓ ਨੇ ਵੀ ਮੁਲਾਕਾਤ ਨੂੰ ਸਕਾਰਾਤਮਕ ਦੱਸਦਿਆਂ ਕਿਹਾ ਕਿ ਦੋਵੇਂ ਦੇਸ਼ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਅਤੇ ਖੇਤਰੀ ਤਰਜੀਹਾਂ ’ਤੇ ਤਾਲਮੇਲ ਲਈ ਕੰਮ ਕਰ ਰਹੇ ਹਨ।

ਇਸ ਦੌਰਾਨ ਭਾਰਤ ਨੇ ਆਪਣੀ ਊਰਜਾ ਸੁਰੱਖਿਆ ਨੂੰ ਲੈ ਕੇ ਆਪਣਾ ਰੁਖ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਉਹ 1.4 ਅਰਬ ਲੋਕਾਂ ਦੀਆਂ ਊਰਜਾ ਲੋੜਾਂ ਪੂਰੀਆਂ ਕਰਨ ਲਈ ਵੱਖ-ਵੱਖ ਸਰੋਤਾਂ ਅਤੇ ਸਪਲਾਇਰਾਂ ਤੋਂ ਊਰਜਾ ਪ੍ਰਾਪਤ ਕਰਨਾ ਜਾਰੀ ਰੱਖੇਗਾ।