Screenshot
ਜਲੰਧਰ/ਚੰਡੀਗੜ੍ਹ (ਅਮਰਪ੍ਰੀਤ ਸਿੰਘ) : ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸ. ਮਨਜੀਤ ਸਿੰਘ ਟੀਟੂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਖ਼ਤਮ ਕਰਨ ਦੀ ਸੋਚ ਰੱਖਣ ਵਾਲੀਆਂ ਤਾਕਤਾਂ ਦੀ ਸੋਚ ਨੂੰ ਬੇਨਕਾਬ ਕਰਦੀਆਂ ਹਨ।ਸ. ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਕੁਝ ਫਿਰਕੂ ਅਤੇ ਦੇਸ਼ ਵਿਰੋਧੀ ਤਾਕਤਾਂ ਨਹੀਂ ਚਾਹੁੰਦੀਆਂ ਕਿ ਪੰਜਾਬ ਵਿੱਚ ਆਪਸੀ ਭਾਈਚਾਰਾ ਅਤੇ ਏਕਤਾ ਕਾਇਮ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਬੀਜੇਪੀ ਦੀ ਵਧ ਰਹੀ ਲੋਕਪ੍ਰਿਯਤਾ ਅਤੇ ਬੜਤ ਨੂੰ ਦੇਖ ਕੇ ਵਿਰੋਧੀ ਅਤੇ ਅਸਥਿਰਤਾ ਫੈਲਾਉਣ ਵਾਲੀਆਂ ਤਾਕਤਾਂ ਬੋਖਲਾਹਟ ਦਾ ਸ਼ਿਕਾਰ ਹੋ ਚੁੱਕੀਆਂ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਰਾਹੀਂ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਬਾਹਰੀ ਏਜੰਸੀਆਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਫਿਰਕੂ ਤੱਤਾਂ ਨੂੰ ਵਰਤਿਆ ਜਾ ਰਿਹਾ ਹੈ, ਜੋ ਕਿ ਦੇਸ਼ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਮੰਗ ਕੀਤੀ ਕਿ ਇਸ ਧਮਾਕੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਸ. ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਗੈਂਗਸਟਰਵਾਦ ਅਤੇ ਅਪਰਾਧਕ ਗਤੀਵਿਧੀਆਂ ਕਾਰਨ ਸਹਿਮੇ ਹੋਏ ਹਨ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਲੋਕਾਂ ਦੇ ਮਨਾਂ ਵਿੱਚ ਡਰ ਹੋਰ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਧਮਾਕਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਕੁਝ ਤਾਕਤਾਂ ਵੱਡੀ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੜੇ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਜੇਕਰ ਸਥਿਤੀ ’ਤੇ ਤੁਰੰਤ ਕਾਬੂ ਨਾ ਪਾਇਆ ਗਿਆ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਲੋੜ ਪੈਣ ’ਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਬਾਰੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ।ਅੰਤ ਵਿੱਚ ਸ. ਮਨਜੀਤ ਸਿੰਘ ਟੀਟੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ, ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਾ ਹੋਣ ਦੇਣ।