ਅੰਮ੍ਰਿਤਸਰ ‘ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ, ਨਸ਼ੇ ਲਈ ਪੈਸੇ ਨਾ ਮਿਲਣ ‘ਤੇ ਪੁੱਤ ਨੇ ਪਾੜੇ ਅੰਗ; ਗ੍ਰਿਫ਼ਤਾਰ

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ)  :- ਅੰਮ੍ਰਿਤਸਰ ਦੇ ਵੇਰਕਾ ਥਾਣਾ ਖੇਤਰ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਇੱਕ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀ ਧਾਰਾ 299 ਤਹਿਤ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸ਼ਿਕਾਇਤਕਰਤਾ ਅਮਰਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ। ਉਸ ਦਾ ਪੁੱਤਰ ਹਰਦੀਪ ਸਿੰਘ ਉਰਫ਼ ਸੋਨੂ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਹੈ ਅਤੇ ਅਕਸਰ ਨਸ਼ੇ ਲਈ ਉਸ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ।

ਸ਼ਿਕਾਇਤ ਅਨੁਸਾਰ, 29 ਜੂਨ ਦੀ ਸ਼ਾਮ ਕਰੀਬ 4 ਵਜੇ ਅਮਰਜੀਤ ਕੌਰ ਆਪਣੇ ਘਰ ਦੇ ਬਾਹਰ ਬੈਠ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰ ਰਹੀ ਸੀ। ਇਸ ਦੌਰਾਨ ਹਰਦੀਪ ਸਿੰਘ ਉੱਥੇ ਆ ਗਿਆ ਅਤੇ ਨਸ਼ੇ ਲਈ ਪੈਸੇ ਮੰਗਣ ਲੱਗਾ। ਜਦੋਂ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਹ ਗੁੱਸੇ ਵਿੱਚ ਆ ਗਿਆ।

ਇਲਜ਼ਾਮ ਹੈ ਕਿ ਹਰਦੀਪ ਸਿੰਘ ਨੇ ਮਾਂ ਦੇ ਹੱਥ ਵਿੱਚੋਂ ਸ੍ਰੀ ਸੁਖਮਨੀ ਸਾਹਿਬ ਦਾ ਗੁਟਕਾ ਸਾਹਿਬ ਖੋਹ ਕੇ ਉਸ ਦੇ ਅੰਗ ਪਾੜ ਦਿੱਤੇ ਅਤੇ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਅਮਰਜੀਤ ਕੌਰ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵੇਰਕਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਖ਼ਿਲਾਫ਼ ਬੀਐਨਐੱਸ ਦੀ ਧਾਰਾ 299 ਤਹਿਤ ਕੇਸ ਦਰਜ ਕੀਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।