ਚੰਡੀਗੜ੍ਹ, 25 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਪਹਿਲੇ ਸਿੱਖ ਗੁਰੂ, ਗੁਰੂ ਨਾਨਕ ਦੇਵ ਜੀ ਨਾਲ ਕਰਕੇ ਕੀਤੀ ਬੇਅਦਬੀ ਦਾ ਗੰਭੀਰ ਨੋਟਿਸ ਲਿਆ ਤੇ ਪਾਰਟੀ ਨੇ ਮੰਗ ਕੀਤੀ ਕਿ ਧਰਮਸੋਤ ਨੂੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਕੀਤਾ ਜਾਵੇ।


    ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਾਰੇ ਮੰਤਰੀਆਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਹੈ ਪਰ ਇਸਦੇ ਬਾਵਜੂਦ ਮੌਕੇ ’ਤੇ ਹਾਜ਼ਰ ਮੁੱਖ ਮੰਤਰੀ ਜਾਂ ਉਹਨਾਂ ਦੇ ਕਿਸੇ ਵੀ ਮੰਤਰੀ ਨੇ ਧਰਮਸੋਤ ਨੂੰ ਇਸ ਬਜ਼ੱਰ ਗੁਨਾਹ ਲਈ ਨਹੀਂ ਟੋਕਿਆ। ਉਹਨਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਧਰਮਸੋਤ ਵੱਲੋਂ ਕੀਤੇ ਭ੍ਰਿਸ਼ਟਾਚਾਰ ਲਈ ਮੁੱਖ ਮੰਤਰੀ ਨੇ ਉਹਨਾਂ ਨੂੰ ਕਲੀਨ ਚਿੱਟ ਦੇ ਕੇ ਉਹਨਾਂ ਦੇ ਧੱਬੇ ਧੋਣ ਦੀ ਕੋਸ਼ਿਸ਼ ਭਾਵੇਂ ਕੀਤੀ ਹੈ ਪਰ ਉਹ ਐਸ ਸੀ ਸਕਾਲਰਸ਼ਿਪ ਘੁਟਾਲੇ ਦੇ ਮੁੱਖ ਦੋਸ਼ੀ ਹਨ ਤੇ ਐਡੀਸ਼ਨਲ ਚੀਫ ਸੈਕਟਰੀ ਦੀ ਰਿਪੋਰਟ ਵਿਚ ਇਹ ਗੱਲ ਸਾਬਤ ਵੀ ਹੋ ਗਈ ਹੈ।

    ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੀ ਕਲੀਨ ਚਿੱਟ ਦੇ ਬਦਲੇ ਵਿਚ ਮੰਤਰੀ ਧਰਮਸੋਤ ਵੱਲੋਂ ਮੁੱਖ ਮੰਤਰੀ ਦੀ ਖੁਸ਼ਆਮਦੀ ਕਰਨ ਵਾਸਤੇ ਉਹਨਾਂ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਂਲ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਇਹ ਗੁਰੂ ਸਾਹਿਬ ਦਾ ਅਪਮਾਨ ਹੈ ਜੋ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
    ਅਕਾਲੀ ਦਲ ਦੇ ਬੁਲਾਰੇ ਨੇ ਮੰਗ ਕੀਤੀ ਕਿ ਇਸ ਬੇਅਦਬੀ ਲਈ ਲਈ ਮੰਤਰੀ ਧਰਮਸੋਤ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ, ਉਸਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ ਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਵਿਚ ਉਹਨਾਂ ਖਿਲਾਫ ਐਫ ਆਈ ਦਰਜ ਕੀਤੀ ਜਾਵੇ।