
Skip to content

ਸਕੂਲੀ ਬੱਸਾਂ ਦੀ ਵੱਡੀ ਚੈਕਿੰਗ, 526 ਦੇ ਕੱਟੇ ਚਲਾਨ, 3 ਬੱਸਾਂ ਇੰਪਾਊਂਡ
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਸਰਕਾਰ ਨੇ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘Safe School Vehicle Policy’ ਤਹਿਤ ਸੂਬੇ ਭਰ ਵਿੱਚ ਚੈਕਿੰਗ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੇ ਸੁਰੱਖਿਅਤ ਸਕੂਲੀ ਸਫ਼ਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੇ ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਗੰਭੀਰ ਖਾਮੀਆਂ ਮਿਲਣ ਕਾਰਨ 3 ਬੱਸਾਂ ਨੂੰ ਮੌਕੇ ‘ਤੇ ਹੀ ਇੰਪਾਊਂਡ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਬੱਸਾਂ ਦੀ ਨਿਯਮਿਤ ਚੈਕਿੰਗ ਜਾਰੀ ਹੈ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜੁਲਾਈ ਵਿੱਚ ਸਕੂਲ ਮੁੜ ਖੁੱਲ੍ਹਣ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਮੁਹਿੰਮ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਹਰ ਸਕੂਲੀ ਵਾਹਨ ਸੁਰੱਖਿਆ ਮਾਪਦੰਡਾਂ ‘ਤੇ ਖਰਾ ਉਤਰਦਾ ਹੋਵੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨਾਲ ਜੁੜੀ ਕਿਸੇ ਵੀ ਲਾਪਰਵਾਹੀ ਪ੍ਰਤੀ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾਈ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਉਨ੍ਹਾਂ ਸਕੂਲ ਪ੍ਰਬੰਧਕਾਂ, ਟਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਕੂਲੀ ਆਵਾਜਾਈ ਲਈ ਸਿਰਫ਼ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨਾਂ ਦੀ ਹੀ ਵਰਤੋਂ ਕੀਤੀ ਜਾਵੇ।
ਮੰਤਰੀ ਨੇ ਕਿਹਾ, “ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਬੱਚਾ ਸੁਰੱਖਿਅਤ ਸਕੂਲ ਪਹੁੰਚਣ ਅਤੇ ਸੁਰੱਖਿਅਤ ਘਰ ਪਰਤਣ ਦਾ ਹੱਕਦਾਰ ਹੈ ਅਤੇ ਪੰਜਾਬ ਸਰਕਾਰ ਇਸ ਮਕਸਦ ਲਈ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਸਖ਼ਤੀ ਨਾਲ ਲਾਗੂ ਕਰ ਰਹੀ ਹੈ।”

Related