Skip to content
ਨਵੀਨ ਪੁਰੀ, ਜਲੰਧਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦੇ ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੇ ਕਈ ਸੀਨੀਅਰ ਰਾਸ਼ਟਰੀ ਅਤੇ ਸੂਬਾ ਪੱਧਰੀ ਆਗੂ ਸ਼ਿਰਕਤ ਕਰਨਗੇ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਜਲੰਧਰ ਦੇ ਇੰਚਾਰਜ ਸੂਰਜ ਭਾਰਦਵਾਜ ਵੀ ਮੌਜੂਦ ਸਨ। ਦੌਰੇ ਦੌਰਾਨ ਰਾਕੇਸ਼ ਰਾਠੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨਾਲ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ ਅਤੇ ਸਮਾਗਮ ਵਿੱਚ ਪਹੁੰਚਣ ਵਾਲੀ ਸੰਗਤ ਤੇ ਮਹਿਮਾਨਾਂ ਦੀ ਸਹੂਲਤ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਰਾਕੇਸ਼ ਰਾਠੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਸ਼ਟਰੀ ਅਤੇ ਸੂਬਾ ਲੀਡਰਸ਼ਿਪ ਦੇ ਆਗਮਨ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਸਮਾਗਮ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਅਤੇ ਮਹਿਮਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰੇ, ਸਮਾਜਿਕ ਸਮਰਸਤਾ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਭੇਦਭਾਵ ਤੋਂ ਮੁਕਤ ਕਰਕੇ ਇਕਜੁੱਟ ਕਰਨ ਲਈ ਪ੍ਰੇਰਿਤ ਕਰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਗੁਰੂ ਜੀ ਦੇ ਮਹਾਨ ਵਿਚਾਰਾਂ ਅਤੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਮ ਉਪਰਾਲਾ ਹੈ। ਭਾਜਪਾ ਦੀ ਰਾਸ਼ਟਰੀ ਅਤੇ ਸੂਬਾ ਲੀਡਰਸ਼ਿਪ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੇ ਸਹਿਯੋਗ ਨਾਲ ਇਹ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹੇਗਾ।
Related