ਧੂਰੀ ‘ਚ ਦਿਨ-ਦਿਹਾੜੇ ਦੋਹਰਾ ਕਤਲ: ਹੇਅਰ ਕਟਿੰਗ ਸੈਲੂਨ ‘ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਨੌਜਵਾਨਾਂ ਦੀ ਮੌਤ

ਸੰਗਰੂਰ (ਅਰਸ਼ਦੀਪ ਸਿੰਘ ਕਾਲੜਾ)  :- ਧੂਰੀ ਵਿੱਚ ਦਿਨ-ਦਿਹਾੜੇ ਵਾਪਰੀ ਖੂਨੀ ਵਾਰਦਾਤ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਹੇਅਰ ਕਟਿੰਗ ਦੀ ਇੱਕ ਦੁਕਾਨ ਵਿੱਚ ਬੈਠੇ ਦੋ ਨੌਜਵਾਨਾਂ ‘ਤੇ ਕਰੀਬ ਪੰਜ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।

ਧੂਰੀ ਦੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਹਿਰ ਕਰੀਬ ਡੇਢ ਵਜੇ ਦੇਵ ਕੁਮਾਰ ਅਤੇ ਅਨਿਲ ਕੁਮਾਰ ਨਾਮਕ ਦੋ ਨੌਜਵਾਨ ਇੱਕ ਹੇਅਰ ਕਟਿੰਗ ਦੀ ਦੁਕਾਨ ਵਿੱਚ ਬੈਠੇ ਹੋਏ ਸਨ। ਇਸ ਦੌਰਾਨ ਕਰੀਬ ਪੰਜ ਬਦਮਾਸ਼ ਉੱਥੇ ਪਹੁੰਚੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।

ਹਮਲੇ ਤੋਂ ਬਾਅਦ ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਡੀਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਪੁਲਿਸ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉੱਧਰ, ਸਰਕਾਰੀ ਹਸਪਤਾਲ ਦੇ ਡਾਕਟਰ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਲਿਆਂਦੇ ਗਏ ਦੋਵਾਂ ਮਰੀਜ਼ਾਂ ਵਿੱਚੋਂ ਦੇਵ ਕੁਮਾਰ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਦਕਿ ਅਨਿਲ ਕੁਮਾਰ ਨੇ ਇਲਾਜ ਦੌਰਾਨ ਕੁਝ ਹੀ ਮਿੰਟਾਂ ਵਿੱਚ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਦਾ ਪੋਸਟਮਾਰਟਮ ਕਰਕੇ ਰਿਪੋਰਟ ਪੁਲਿਸ ਨੂੰ ਸੌਂਪ ਦਿੱਤੀ ਜਾਵੇਗੀ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।