ਹਰਵਿੰਦਰ ਸਰਨਾ ਵੱਲੋਂ ਡਾਇਰੈਕਟਰ ਗੁਰਦੁਆਰਾ ਚੋਣਾਂ ਖਿਲਾਫ ਮੰਦੀ ਸ਼ਬਦਾਵਲੀ ਵਰਤਣ ਦੀ ਕੀਤੀ ਨਿਖੇਧੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਆਪਣੇ ਕਾਰਜਕਾਲ ਦੌਰਾਨ ਕੀਤੇ ਭ੍ਰਿਸ਼ਟਾਚਾਰ ਦਾ ਜਵਾਬ ਹਰ ਹੀਲੇ ਦੇਣਾ ਪਵੇਗਾ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਨਾ ਭਰਾਵਾਂ ਸਰਦਾਰ ਪਰਮਜੀਤ ਸਿੰਘ ਸਰਨਾ ਤੇ ਸਰਦਾਰ ਹਰਵਿੰਦਰ ਸਿੰਘ ਸਰਨਾ ਤੇ ਜਾਗੋ ਪਾਰਟੀ ਦੇ ਆਗੂ ਸਰਦਾਰ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਵਿਚ ਆਪਣੇ ਕਾਰਜਕਾਲ ਦੌਰਾਨ ਵਿਆਪਕ ਭ੍ਰਿਸ਼ਟਾਚਾਰ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਲੋਕਾਂ ਨੇ ਆਪਣੇ ਕਾਰਜਕਾਲ ਵਿਚ ਆਪਣੇ ਪਰਿਵਾਰ ਤੇ ਰਿਸ਼ਤੇਦਾਰਾਂ ਦੇ ਨਾਂ ’ਤੇ ਬਣੀਆਂ ਕੰਪਨੀਆਂ ਲਈ ਅਦਾਇਗੀਆਂ ਕੀਤੀਆਂ ਹਨ ਜੋ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਦੀ ਉਲੰਘਣਾ ਹੈ।
ਉਹਨਾਂ ਕਿਹਾ ਕਿ ਹੁਣ ਜਦੋਂ ਸਾਡੀ ਸ਼ਿਕਾਇਤ ’ਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਨੇ ਸਰਦਾਰ ਹਰਵਿੰਦਰ ਸਿੰਘ ਸਰਨਾ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬੀ ਕੀਤੀ ਹੈ ਤਾਂ ਉਹਨਾਂ ਨੇ ਇਸ ਕਾਰਨ ਡਾਇਰੈਕਟਰ ਖਿਲਾਫ ਮੰਦੀ ਸ਼ਬਦਾਵਲੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਨੋਟਿਸ ਨਿਕਲਣ ਮਗਰੋਂ ਤਿੰਨੋਂ ਆਗੂ ਇਕੱਠਿਆਂ ਡਾਇਰੈਕਟਰ ਦਫਤਰ ਪੁੱਜੇ ਹਨ ਤੇ ਉਲਟਾ ਡਾਇਰੈਕਟਰ ਦਫਤਰ ਵਿਚ ਸਵਾਲ ਕੀਤੇ ਹਨ ਕਿ ਉਹਨਾਂ ਨੂੰ ਨੋਟਿਸ ਜਾਰੀ ਕਰਨ ਦਾ ਅਧਿਕਾਰ ਹੈ ਜਾਂ ਨਹੀਂ। ਉਹਨਾਂ ਕਿਹਾਕਿ ਬਜਾਏ ਨੋਟਿਸ ਦਾ ਜਵਾਬ ਦੇਣ ’ਤੇ ਇਹਨਾਂ ਆਗੂਆਂ ਨੇ ਡਾਇਰੈਕਟਰ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਹੈ।
ਉਹਨਾਂ ਕਿਹਾ ਕਿ ਇਹਨਾਂ ਆਗੂਆਂ ਦੇ ਵਤੀਰੇ ਤੋਂ ਸਪਸ਼ਟ ਹੈ ਕਿ ਇਹ ਕਿਸੇ ਵੀ ਹੀਲੇ ਦਿੱਲੀ ਗੁਰਦੁਆਰਾ ਕਮੇਟੀ ’ਤੇ ਕਾਬਜ਼ ਹੋਣਾ ਚਾਹੁੰਦੇ ਹਨ ਤੇ ਇਸ ਲਲਕ ਵਿਚ ਬੇਤੁਕੀ ਤੇ ਬੇਲੋੜੀ ਬਿਆਨਬਾਜ਼ੀ ਕਰਦੇ ਰਹਿੰਦੇ ਹਨ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਲਈ ਅਸੀਂ ਇਹਨਾਂ ਦੀ ਮੈਂਬਰੀ ਰੱਦ ਕਰਨ ਦੀ ਅਰਜ਼ੀ ਦਾਇਰ ਕੀਤੀ ਹੈ ਜਿਸ ’ਤੇ ਹੁਣ ਕਾਰਵਾਈ ਹੋ ਰਹੀ ਹੈ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਇਹ ਵੀ ਦੱਸਿਆ ਕਿ ਸਰਨਾ ਭਰਾਵਾਂ ਵੱਲੋਂ ਭਾਵੇਂ ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਮੰਦਾ ਚੰਗਾ ਕਿਹਾ ਜਾਂਦਾ ਰਿਹਾ ਪਰ ਹੁਣ ਅਕਾਲੀ ਦਲ ਇਹਨਾਂ ਲਈ ਦੁੱਧ ਧੋਤਾ ਹੋ ਗਿਆ ਹੈ। ਉਹਨਾਂ ਕਿਹਾ ਕਿ ਜਿਹੜੀ ਪ੍ਰਵਾਨਗੀ ਇਹਨਾਂ ਸਰਨਾ ਭਰਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਜੱਥੇ ਪਾਕਿਸਤਾਨ ਭੇਜਣ ਵਾਸਤੇ ਲਈ ਸੀ, ਉਹ ਉਪ ਰਾਜਪਾਲ ਨੇ ਹਾਈ ਕੋਰਟ ਦੇ ਫੈਸਲੇ ਦੀ ਰੋਸ਼ਨੀ ਵਿਚ ਰੱਦ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਗੁਰਬ ਦੇ ਮੌਕੇ ’ਤੇ ਪਾਕਿਸਤਾਨ ਵਿਚ ਸਿੱਖ ਜੱਥੇ ਭੇਜਣ ਦਾ ਅਧਿਕਾਰ ਸਿਰਫ ਤੇ ਸਿਰਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹੀ ਬਣਦਾ ਹੈ।
ਦੋਵਾਂ ਆਗੂਆਂ ਨੇ ਕਿਹਾ ਕਿ ਸਰਨਾ ਭਰਾਵਾਂ ਦੀ ਬੋਲ ਬਾਣੀ ਤੇ ਸ਼ਬਦਾਵਲੀ ਦੱਸਦੀ ਹੈ ਕਿ ਉਹਨਾਂ ਨੇ ਆਪਣੇ ਵੱਲੋਂ ਕੀਤਾ ਭ੍ਰਿਸ਼ਟਾਚਾਰ ਕਬੂਲ ਕਰ ਲਿਆ ਹੈ।
ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਵੱਲੋਂ ਯੋਜਨਾਬੱਧ ਤਰੀਕੇ ਨਾਲ ਸੰਗਤ ਨੂੰ ਗੁੰਮਰਾਹ ਕਰਨ ਦੇ ਕੀਤੇ ਜਾਣ ਵਾਲੇ ਯਤਨਾਂ ਤੋਂ ਸੁਚੇਤ ਰਹਿਣ।