ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਅਤੇ ਸਰਵਣ ਸਿੰਘ ਫਿਲੌਰ ਨੇ ਸਾਂਝੇ ਪ੍ਰੈੱਸ ਬਿਆਨ ਵਿੱਚ ਦੋਸ਼ ਲਗਾਇਆ ਕਿ ‘ਸਤਲੁਜ’ ਫ਼ਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਇਆ ਜਾਣਾ ਦੇਸ਼ ਵਿੱਚ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਪਹਿਲਾਂ ‘ਪੰਜਾਬ 95’ ਨਾਮ ਹੇਠ ਬਣੀ ਸੀ, ਜੋ ਸ਼੍ਰੋਮਣੀ ਅਕਾਲੀ ਦਲ ਦੇ ਮਨੁੱਖੀ ਅਧਿਕਾਰ ਵਿੰਗ ਦੇ ਜਨਰਲ ਸਕੱਤਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਅਤੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ‘ਤੇ ਆਧਾਰਿਤ ਹੈ।

ਆਗੂਆਂ ਨੇ ਦੱਸਿਆ ਕਿ ਫ਼ਿਲਮ 2022 ਤੋਂ ਸੈਂਸਰ ਬੋਰਡ ਕੋਲ ਲੰਬਿਤ ਰਹੀ, ਕਿਉਂਕਿ ਬੋਰਡ ਨੇ ਇਸ ਵਿੱਚ 127 ਤਬਦੀਲੀਆਂ ਕਰਨ ਲਈ ਕਿਹਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇੰਨੀ ਵੱਡੀ ਗਿਣਤੀ ਵਿੱਚ ਤਬਦੀਲੀਆਂ ਕਰਨ ਨਾਲ ਫ਼ਿਲਮ ਦਾ ਅਸਲ ਮਕਸਦ ਅਤੇ ਤੱਥ ਹੀ ਖ਼ਤਮ ਹੋ ਜਾਂਦੇ। ਉਨ੍ਹਾਂ ਦੋਸ਼ ਲਾਇਆ ਕਿ ਨਾਮ ਬਦਲ ਕੇ ਓਟੀਟੀ ‘ਤੇ ਜਾਰੀ ਕੀਤੀ ਗਈ ਫ਼ਿਲਮ ਨੂੰ ਵੀ 48 ਘੰਟਿਆਂ ਦੇ ਅੰਦਰ ਹਟਾ ਦਿੱਤਾ ਗਿਆ, ਜੋ ਸਰਕਾਰ ਦੇ ਰਵੱਈਏ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਪਰਮਿੰਦਰ ਸਿੰਘ ਢੀਂਡਸਾ ਅਤੇ ਸਰਵਣ ਸਿੰਘ ਫਿਲੌਰ ਨੇ ਕਿਹਾ ਕਿ ਇਸ ਕਾਰਵਾਈ ਨਾਲ ਇਹ ਪ੍ਰਭਾਵ ਜਾਂਦਾ ਹੈ ਕਿ ਸਿੱਖ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਸਾਹਮਣੇ ਆਉਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੋਰ ਵਿਸ਼ਿਆਂ ‘ਤੇ ਬਣੀਆਂ ਫ਼ਿਲਮਾਂ ਰਿਲੀਜ਼ ਹੋ ਸਕਦੀਆਂ ਹਨ ਤਾਂ ਸਿੱਖਾਂ ਨਾਲ ਜੁੜੀਆਂ ਇਤਿਹਾਸਕ ਘਟਨਾਵਾਂ ‘ਤੇ ਆਧਾਰਿਤ ਫ਼ਿਲਮ ਨੂੰ ਵੀ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਕਾਂ ਤੱਕ ਪਹੁੰਚਣ ਦਾ ਮੌਕਾ ਮਿਲਣਾ ਚਾਹੀਦਾ ਹੈ।

ਦੋਵਾਂ ਆਗੂਆਂ ਨੇ ਮੰਗ ਕੀਤੀ ਕਿ ਫ਼ਿਲਮ ਨੂੰ ਇਸਦੇ ਅਸਲੀ ਨਾਮ ‘ਪੰਜਾਬ 95’ ਨਾਲ ਅਤੇ ਬਿਨਾਂ ਕਿਸੇ ਤਬਦੀਲੀ ਦੇ ਤੁਰੰਤ ਰਿਲੀਜ਼ ਕੀਤਾ ਜਾਵੇ। ਇਹ ਪ੍ਰੈੱਸ ਬਿਆਨ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।