ਸਮਰਾਲਾ (ਅਰਸ਼ਦੀਪ ਸਿੰਘ ਕਾਲੜਾ): ਸਮਰਾਲਾ ਹਲਕੇ ਦੇ ਪਿੰਡ ਮਾਣਕੀ ਦੇ ਵਸਨੀਕ ਛਿੰਦਰ ਸਿੰਘ ਅਤੇ ਕੁਲਵਿੰਦਰ ਕੌਰ ਦੇ ਇਕਲੌਤੇ ਪੁੱਤਰ ਸੁਖਚੈਨ ਸਿੰਘ (29) ਨੂੰ ਸਾਊਦੀ ਅਰਬ ਵਿੱਚ ਇੱਕ ਨੌਜਵਾਨ ਦੀ ਮੌਤ ਨਾਲ ਸਬੰਧਤ ਮਾਮਲੇ ਵਿੱਚ ਕਥਿਤ ਤੌਰ ’ਤੇ ਸਿਰ ਕਲਮ ਕਰਨ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਰਿਵਾਰ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਨੇ ਭਾਰਤ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਮਈ 2025 ਵਿੱਚ ਹੋਏ ਇੱਕ ਝਗੜੇ ਨਾਲ ਸਬੰਧਤ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਚੈਨ ਸਿੰਘ ਅਤੇ ਪਿੰਡ ਬਰਸਾਲਪੁਰ, ਚਮਕੌਰ ਸਾਹਿਬ ਦੇ ਵਸਨੀਕ ਗੁਰਦੀਪ ਸਿੰਘ ਦਾ ਇੱਕ ਪਾਕਿਸਤਾਨੀ ਨੌਜਵਾਨ ਨਾਲ ਝਗੜਾ ਹੋ ਗਿਆ ਸੀ, ਜਿਸ ਦੌਰਾਨ ਉਸ ਨੌਜਵਾਨ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸਾਊਦੀ ਅਰਬ ਪੁਲਿਸ ਵੱਲੋਂ ਦੋਵਾਂ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਅਦਾਲਤ ਵਿੱਚ ਚਲਾਇਆ ਗਿਆ।

ਪਰਿਵਾਰਾਂ ਦਾ ਕਹਿਣਾ ਹੈ ਕਿ ਲੰਬੀ ਕਾਨੂੰਨੀ ਕਾਰਵਾਈ ਤੋਂ ਬਾਅਦ ਸਾਊਦੀ ਅਰਬ ਦੀ ਅਦਾਲਤ ਵੱਲੋਂ ਦੋਵਾਂ ਨੌਜਵਾਨਾਂ ਨੂੰ ਸਖ਼ਤ ਸਜ਼ਾ ਸੁਣਾਈ ਗਈ ਹੈ। ਪਰਿਵਾਰ ਅਨੁਸਾਰ ਅਦਾਲਤ ਦਾ ਫ਼ੈਸਲਾ 29 ਸਤੰਬਰ ਨੂੰ ਆਇਆ ਅਤੇ ਸਜ਼ਾ ’ਤੇ ਅਮਲ ਲਈ 30 ਦਿਨਾਂ ਦੀ ਮਿਆਦ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਸੁਖਚੈਨ ਸਿੰਘ ਦੀ ਮਾਤਾ ਕੁਲਵਿੰਦਰ ਕੌਰ ਨੇ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਸੁਖਚੈਨ ਉਨ੍ਹਾਂ ਦਾ ਇਕਲੌਤਾ ਪੁੱਤਰ ਹੈ ਅਤੇ ਪਰਿਵਾਰ ਦੀਆਂ ਸਾਰੀਆਂ ਉਮੀਦਾਂ ਉਸ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਸਾਊਦੀ ਅਰਬ ਤੋਂ ਸੁਰੱਖਿਅਤ ਵਾਪਸ ਘਰ ਆਉਂਦਾ ਦੇਖਣਾ ਚਾਹੁੰਦੀ ਹੈ।

ਉਨ੍ਹਾਂ ਭਾਰਤ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਾਊਦੀ ਅਰਬ ਸਥਿਤ ਭਾਰਤੀ ਦੂਤਾਵਾਸ ਰਾਹੀਂ ਮਾਮਲੇ ਵਿੱਚ ਤੁਰੰਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਸੁਖਚੈਨ ਸਿੰਘ ਦੀ ਸਜ਼ਾ ਤੋਂ ਰਾਹਤ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਅਤੇ ਕੂਟਨੀਤਕ ਰਾਹ ਅਪਣਾਇਆ ਜਾਵੇ।

ਇਸ ਮਾਮਲੇ ਵਿੱਚ ਗੁਰਦੀਪ ਸਿੰਘ ਦਾ ਪਰਿਵਾਰ ਵੀ ਆਪਣੇ ਪੁੱਤਰ ਦੀ ਜਾਨ ਬਚਾਉਣ ਲਈ ਸਰਕਾਰ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਿਹਾ ਹੈ। ਪਰਿਵਾਰਾਂ ਨੇ ਮੰਗ ਕੀਤੀ ਹੈ ਕਿ ਦੋਵਾਂ ਨੌਜਵਾਨਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਦਖ਼ਲ ਦਿੱਤਾ ਜਾਵੇ।