
Skip to content

ਨਵੀਨ ਪੁਰੀ | ਜਲੰਧਰ, 1 ਸਤੰਬਰ : ਪੰਜਾਬ ਭਾਰਤੀ ਜਨਤਾ ਪਾਰਟੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਨੂੰ ਸੂਬੇ ਦੇ ਕੋਨੇ-ਕੋਨੇ ਅਤੇ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਜਲੰਧਰ ਵਿਖੇ ਸੂਬਾ ਅਤੇ ਜ਼ਿਲ੍ਹਾ ਅਹੁਦੇਦਾਰਾਂ ਦੀ ਇੱਕ ਅਹਿਮ ਬੈਠਕ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤੀ, ਜਦਕਿ ਪੰਜਾਬ ਭਾਜਪਾ ਦੇ ਨਵ-ਨਿਯੁਕਤ ਇੰਚਾਰਜ ਡਾ. ਸਤੀਸ਼ ਪੂਨੀਆ ਅਤੇ ਸੀਨੀਅਰ ਆਗੂ ਓ.ਪੀ. ਧਨਖੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਬੈਠਕ ਦੌਰਾਨ ‘ਸੇਵਾ ਸੰਕਲਪ ਅਭਿਆਨ’ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੀ ਆਰਥਿਕ, ਸਮਾਜਿਕ ਅਤੇ ਬੁਨਿਆਦੀ ਢਾਂਚੇ ਦੀ ਤਰੱਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਅਭਿਆਨ ਆਮ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਅਹਿਮ ਸਾਧਨ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਅੱਜ ਵਿਸ਼ਵ ਦੀਆਂ ਵੱਡੀਆਂ ਅਰਥਵਿਵਸਥਾਵਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਚੁੱਕਾ ਹੈ ਅਤੇ ਦੇਸ਼ ਨੇ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਕੀਤੀ ਹੈ। ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਕਾਰਕਰਤਾਵਾਂ ਨੂੰ ਅਪੀਲ ਕੀਤੀ ਕਿ ‘ਸੇਵਾ ਸੰਕਲਪ ਅਭਿਆਨ’ ਨੂੰ ਪੰਜਾਬ ਦੇ ਹਰ ਪਿੰਡ, ਸ਼ਹਿਰ ਅਤੇ ਬੂਥ ਪੱਧਰ ਤੱਕ ਪੂਰੇ ਉਤਸ਼ਾਹ ਨਾਲ ਲਿਜਾਇਆ ਜਾਵੇ।
ਇਸ ਮੌਕੇ ਓ.ਪੀ. ਧਨਖੜ ਨੇ ਅਭਿਆਨ ਦੇ ਮੁੱਖ ਉਦੇਸ਼ਾਂ ਅਤੇ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 17 ਸਤੰਬਰ ਤੋਂ 17 ਅਕਤੂਬਰ ਤੱਕ ਚੱਲਣ ਵਾਲੇ ਇਸ ਮਹੀਨਾ ਭਰ ਦੇ ਅਭਿਆਨ ਦੌਰਾਨ ਖੂਨਦਾਨ ਕੈਂਪ, ਮੁਫ਼ਤ ਸਿਹਤ ਜਾਂਚ ਕੈਂਪ, ਸਫ਼ਾਈ ਅਭਿਆਨ ਅਤੇ ਪੌਦੇ ਲਗਾਉਣ ਵਰਗੀਆਂ ਸਮਾਜਿਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ‘ਯੂਥ ਕਨੈਕਟ’ ਵਰਗੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਸਮਾਜਿਕ ਸੇਵਾ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਕੈਂਪ ਲਗਾ ਕੇ ਸਰਕਾਰੀ ਯੋਜਨਾਵਾਂ ਤੋਂ ਵਾਂਝੇ ਰਹਿ ਗਏ ਯੋਗ ਲੋਕਾਂ ਨੂੰ ਲੋੜੀਂਦੇ ਕਾਰਡ ਅਤੇ ਸਰਕਾਰੀ ਸਹੂਲਤਾਂ ਮੌਕੇ ’ਤੇ ਮੁਹੱਈਆ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾਣਗੇ।
ਡਾ. ਸਤੀਸ਼ ਪੂਨੀਆ ਨੇ ਸੂਬਾ ਅਤੇ ਜ਼ਿਲ੍ਹਾ ਅਹੁਦੇਦਾਰਾਂ ਨੂੰ ਅਭਿਆਨ ਸਬੰਧੀ ਰਣਨੀਤਕ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਪਾਰਟੀ ਦੀਆਂ ਸਾਰੀਆਂ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਹੱਲ ਕਰਨ ਲਈ ਪ੍ਰੇਰਿਤ ਕੀਤਾ।
ਬੈਠਕ ਦੌਰਾਨ ਪੰਜਾਬ ਭਾਜਪਾ ਵੱਲੋਂ ਆਉਣ ਵਾਲੇ ਇੱਕ ਮਹੀਨੇ ਦੇ ਸਮਾਜਿਕ ਅਤੇ ਸੰਗਠਨਾਤਮਕ ਪ੍ਰੋਗਰਾਮਾਂ ਲਈ ਵਿਸਥਾਰਤ ਰਣਨੀਤੀ ਤਿਆਰ ਕੀਤੀ ਗਈ। ਪਾਰਟੀ ਆਗੂਆਂ ਨੇ ਅਭਿਆਨ ਨੂੰ ਸਫ਼ਲ ਬਣਾਉਣ ਲਈ ਪੂਰੀ ਟੀਮ ਨੂੰ ਸਰਗਰਮ ਕਰਨ ਅਤੇ ਇਸਨੂੰ ਬੂਥ ਪੱਧਰ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ।
Related