Skip to content
ਮਾਨਸਾ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਪ੍ਰਗਟ ਕੀਤੇ।
ਇਸ ਮੌਕੇ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।
ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਵੱਲੋਂ ਕੀਤੇ ਯਤਨਾਂ ਦੀ ਯਾਦ ਨੂੰ ਸਦੀਵੀ ਬਣਾਉਣ ਦਾ ਪ੍ਰਤੀਕ ਹੋਵੇਗਾ।
ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ। ਸਮਾਜ ਦੀ ਭਲਾਈ ਲਈ ਅਜਿਹੇ ਸੰਘਰਸ਼ਾਂ ਵਿੱਚ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।
ਐਡਵੋਕੇਟ ਧਾਮੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿੱਚ ਪੀੜਤ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਕੱਲੇਪਣ ਦਾ ਅਹਿਸਾਸ ਨਾ ਹੋਣ ਦਿੱਤਾ ਜਾਵੇ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ-ਚਾਲ ਵੀ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਜ਼ਖ਼ਮੀ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਜ਼ਖ਼ਮੀ ਨੌਜਵਾਨ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ ਵਿੱਚ ਕਰਵਾਉਣ ਲਈ ਵੀ ਸੰਸਥਾ ਤਿਆਰ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਜ ਦੌਰਾਨ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਐਡਵੋਕੇਟ ਧਾਮੀ ਨੇ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਵਾਸਤੇ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ ਅਤੇ ਹਰਭਜਨ ਸਿੰਘ ਵਕਤਾ ਵੀ ਹਾਜ਼ਰ ਸਨ।
Related