ਅੰਮ੍ਰਿਤਸਰ (ਅਮਿਤ ਨਖਵਾਲ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਥਾਣਾ ਛੇਹਟਾ ਦੇ ਐਸਐਚਓ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਕਾਰਵਾਈ ਨਾਲ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਅਤੇ ਉਸ ਦੇ ਇੱਕ ਨਾਬਾਲਗ ਸਾਥੀ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਸਰਹੱਦ ਪਾਰ ਬੈਠੇ ਤਸਕਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਲੈ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਕੇ ਇਸ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਉੱਥੇ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਹਿਲਾਂ ਮੁਲਜ਼ਮਾਂ ਨੂੰ 2 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸ ਤੋਂ ਬਾਅਦ ਨਾਬਾਲਗ ਮੁਲਜ਼ਮ ਤੋਂ ਹੋਈ ਪੁੱਛਗਿੱਛ ਦੇ ਆਧਾਰ ‘ਤੇ ਹੋਰ 3.01 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਨਾਮਜ਼ਦ ਕਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਪੁਲਿਸ ਅਨੁਸਾਰ, ਇਸ ਕਾਰਵਾਈ ਨਾਲ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਰੈਕਟ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।