
Skip to content

ਜਲੰਧਰ (ਅਰਸ਼ਦੀਪ ਸਿੰਘ ): ‘ਓਮ ਜੈ ਜਗਦੀਸ਼ ਹਰੇ’ ਆਰਤੀ ਦੇ ਰਚਨਹਾਰ ਅਤੇ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਮਹਾਨ ਵਿਦਵਾਨ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ ਜਨਮ ਦਿਵਸ ਬਲਿਸ ਪਬਲਿਕ ਸਕੂਲ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸਕੂਲ ਦੀ ਮਾਰਨਿੰਗ ਅਸੈਂਬਲੀ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ‘ਓਮ ਜੈ ਜਗਦੀਸ਼ ਹਰੇ’ ਆਰਤੀ ਦਾ ਗਾਇਨ ਕਰਕੇ ਪੰਡਿਤ ਸ਼ਰਧਾ ਰਾਮ ਫਿਲੌਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਵਿੱਕਐਂਡ ਰਿਪੋਰਟ ਦੇ ਸੰਪਾਦਕ ਪ੍ਰਦੀਪ ਵਰਮਾ ਨੇ ਵਿਦਿਆਰਥੀਆਂ ਨੂੰ ਪੰਡਿਤ ਸ਼ਰਧਾ ਰਾਮ ਫਿਲੌਰੀ ਦੇ ਜੀਵਨ, ਉਨ੍ਹਾਂ ਦੇ ਧਾਰਮਿਕ ਯੋਗਦਾਨ ਅਤੇ ਭਾਰਤੀ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪ੍ਰਦੀਪ ਵਰਮਾ ਨੇ ਦੱਸਿਆ ਕਿ ਪੰਡਿਤ ਸ਼ਰਧਾ ਰਾਮ ਫਿਲੌਰੀ ਨੇ ਆਪਣੇ ਸਮੇਂ ਦੌਰਾਨ ਧਰਮ ਅਤੇ ਭਾਰਤੀ ਸੱਭਿਆਚਾਰ ਦੇ ਪ੍ਰਚਾਰ ਲਈ ਮਹੱਤਵਪੂਰਨ ਕੰਮ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਨਾਲ ਜੁੜੇ ਵੱਖ-ਵੱਖ ਪ੍ਰਸੰਗਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਡਿਤ ਸ਼ਰਧਾ ਰਾਮ ਫਿਲੌਰੀ ਨੇ ਤਤਕਾਲੀ ਕਪੂਰਥਲਾ ਰਿਆਸਤ ਦੇ ਮਹਾਰਾਜਾ ਰਣਧੀਰ ਸਿੰਘ ਨੂੰ ਧਰਮ ਪਰਿਵਰਤਨ ਤੋਂ ਰੋਕਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਉਨ੍ਹਾਂ ਦੱਸਿਆ ਕਿ ਪੰਡਿਤ ਸ਼ਰਧਾ ਰਾਮ ਫਿਲੌਰੀ ਨੇ ਧਾਰਮਿਕ ਸਾਹਿਤ ਰਾਹੀਂ ਲੋਕਾਂ ਤੱਕ ਭਾਰਤੀ ਸੱਭਿਆਚਾਰ ਅਤੇ ਧਾਰਮਿਕ ਵਿਚਾਰਧਾਰਾ ਪਹੁੰਚਾਉਣ ਦੇ ਯਤਨ ਕੀਤੇ। ਉਨ੍ਹਾਂ ਵੱਲੋਂ ਰਾਮਾਇਣ ਅਤੇ ਮਹਾਭਾਰਤ ਦੇ ਪ੍ਰਸੰਗਾਂ ਨੂੰ ਪ੍ਰਕਾਸ਼ਿਤ ਕਰਵਾ ਕੇ ਲੋਕਾਂ ਵਿੱਚ ਵੰਡਿਆ ਗਿਆ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜ ਸਕਣ।
ਸਮਾਗਮ ਦੇ ਅੰਤ ਵਿੱਚ ਪ੍ਰਦੀਪ ਵਰਮਾ ਨੇ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਹਾਜ਼ਰ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਧਰਮ ਜਾਗਰਣ ਦੇ ਮਹਾਨਗਰ ਪ੍ਰਸ਼ਾਸਨ ਪ੍ਰਮੁੱਖ ਰੋਹਿਤ ਜਸਵਾਲ ਅਤੇ ਸੰਦੀਪ ਗਗਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜਾਣੂ ਕਰਵਾਉਣਾ ਅਤੇ ਪੰਡਿਤ ਸ਼ਰਧਾ ਰਾਮ ਫਿਲੌਰੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕਰਨਾ ਸੀ।
Related