ਜਤਿੰਦਰ ਪਿੰਕਲ, ਫ਼ਿਰੋਜ਼ਪੁਰ: ਅਗਰਵਾਲ ਸਮਾਜ ਵੱਲੋਂ ਸ੍ਰੀ ਅਗਰਸੈਨ ਗੌਰਵ ਸੰਧਿਆ ਦਾ ਆਯੋਜਨ 3 ਅਕਤੂਬਰ ਨੂੰ ਛਾਉਣੀ ਸਥਿਤ ਭਸੀਨ ਪੈਲੇਸ ਵਿਖੇ ਕੀਤਾ ਜਾ ਰਿਹਾ ਹੈ। ਸ਼ਾਮ 6 ਵਜੇ ਤੋਂ ਸ਼ੁਰੂ ਹੋਣ ਵਾਲੇ ਇਸ ਸਮਾਗਮ ਵਿੱਚ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਅਗਰਵਾਲ ਸਮਾਜ ਨਾਲ ਸਬੰਧਤ ਪਰਿਵਾਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਸਮਾਗਮ ਨੂੰ ਲੈ ਕੇ ਸਮਾਜ ਦੇ ਲੋਕਾਂ ਵਿੱਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਸਮਾਜਸੇਵੀ ਅਭਿਸ਼ੇਕ ਧਵਨ ਨੇ ਦੱਸਿਆ ਕਿ ਸਮਾਗਮ ਵਿੱਚ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ, ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ, ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ ਅਤੇ ਲੁਧਿਆਣਾ ਤੋਂ ਜੀਵਨ ਗੁਪਤਾ ਸਮੇਤ ਅਗਰਵਾਲ ਸਮਾਜ ਦੇ ਕਈ ਪ੍ਰਮੁੱਖ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਸ ਮੌਕੇ ਭਜਨ ਸੰਧਿਆ ਦਾ ਵੀ ਆਯੋਜਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਮਹਾਰਾਜਾ ਅਗਰਸੈਨ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਮਾਜ ਅਤੇ ਸ਼ਹਿਰ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਅਭਿਸ਼ੇਕ ਧਵਨ ਨੇ ਦੱਸਿਆ ਕਿ ਪ੍ਰੋਗਰਾਮ ਉਪਰੰਤ ਸਮੂਹਿਕ ਭੋਜਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਦੇ ਲੋਕਾਂ ਨੂੰ ਇੱਕਜੁੱਟ ਕਰਨ ਦੇ ਨਾਲ-ਨਾਲ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਅਗਰਵਾਲ ਸਮਾਜ ਦੇ ਸਮੂਹ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸ੍ਰੀ ਅਗਰਸੈਨ ਗੌਰਵ ਸੰਧਿਆ ਦੀ ਸ਼ੋਭਾ ਵਧਾਉਣ।