ਟਾਂਗਰਾ (ਅਰਸ਼ਦੀਪ ਸਿੰਘ ਕਾਲੜਾ) : ਇਥੋਂ ਨਜ਼ਦੀਕੀ ਪਿੰਡ ਭੋਰਛੀ ਰਾਜਪੂਤਾਂ ਦੇ ਇੱਕ ਛੋਟੇ ਜਿਹੇ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਬੇਅਦਬੀ ਦੀ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਿੱਖ ਜਥੇਬੰਦੀਆਂ ਦੇ ਆਗੂ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਮੁੱਛਲ, ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅਮਰੀਕ ਸਿੰਘ ਬਿਟਾ, ਸਰਬਜੀਤ ਸਿੰਘ ਖਾਨਪੁਰ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਬਾਬਾ ਬਿਬੇਕ ਸਿੰਘ ਜੰਡਿਆਲਾ ਗੁਰੂ, ਭਾਈ ਸਤਨਾਮ ਸਿੰਘ, ਭਾਈ ਨਿਸ਼ਾਨ ਸਿੰਘ, ਮੇਜਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਰਛਪਾਲ ਸਿੰਘ, ਕਾਬਲ ਸਿੰਘ ਅਤੇ ਰਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਅਤੇ ਕਥਿਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਵਾਲੇ ਪਲੰਘ ਤੋਂ ਸਰੂਪਾਂ ਨੂੰ ਪਾਸੇ ਕਰਕੇ ਖੁਦ ਪਲੰਘ ਉੱਪਰ ਸੌਂ ਗਿਆ।

ਘਟਨਾ ਦਾ ਪਤਾ ਲੱਗਣ ’ਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਥਾਣਾ ਖਿਲਚੀਆਂ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਥਾਣਾ ਖਿਲਚੀਆਂ ਦੇ ਐੱਸਐੱਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਮੁਲਜ਼ਮ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਖ਼ਤ ਕਾਨੂੰਨੀ ਸਜ਼ਾਵਾਂ ਦੀ ਵਿਵਸਥਾ ਹੋਣ ਦੇ ਬਾਵਜੂਦ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸਿੱਖ ਸੰਗਤ ਨੂੰ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਅਤੇ ਮਰਿਆਦਾ ਪ੍ਰਤੀ ਹੋਰ ਸੁਚੇਤ ਰਹਿਣ ਦੀ ਅਪੀਲ ਕੀਤੀ।