18 ਨਵੰਬਰ ਨੂੰ ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਕਰਨਗੇ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

2558 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 3 ਦਸੰਬਰ ਨੂੰ ਵਾਰਾਣਸੀ ਵਿਖੇ ਹੋਵੇਗੀ ਯਾਤਰਾ ਦੀ ਸਮਾਪਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਸਵਾਗਤ

ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਅੱਜ ਜਲੰਧਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਸਮੂਹ ਕੌਂਸਲਰ ਸਾਹਿਬਾਨ ਦੀ ਇੱਕ ਅਹਿਮ ਮੀਟਿੰਗ ਸ. ਮਨਜੀਤ ਸਿੰਘ ਟੀਟੂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

   

ਮੀਟਿੰਗ ਵਿੱਚ ਜਲੰਧਰ ਸ਼ਹਿਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਤਿਕਾਰ ਵਿੱਚ ਕਰਵਾਏ ਜਾਣ ਵਾਲੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ, ਪ੍ਰਬੰਧਾਂ, ਸੰਗਤ ਦੀ ਸ਼ਮੂਲੀਅਤ ਅਤੇ ਵੱਖ-ਵੱਖ ਜ਼ਿੰਮੇਵਾਰੀਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਅਤੇ ਪ੍ਰਬੰਧਕੀ ਯੋਜਨਾਬੰਦੀ ਬਾਰੇ ਵੀ ਚਰਚਾ ਹੋਈ।

ਇਸ ਮੌਕੇ ਭਾਜਪਾ ਦੇ ਪੰਜਾਬ ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ 18 ਨਵੰਬਰ ਨੂੰ ਡੇਰਾ ਸੱਚਖੰਡ ਬੱਲਾਂ ਤੋਂ ਕੀਤੀ ਜਾਵੇਗੀ। ਇਸ ਯਾਤਰਾ ਦੀ ਸ਼ੁਰੂਆਤ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਵੱਲੋਂ ਕੀਤੀ ਜਾਵੇਗੀ। ਇਹ ਯਾਤਰਾ ਲਗਭਗ 2558 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ ਇਸ ਦੀ ਸਮਾਪਤੀ 3 ਦਸੰਬਰ ਨੂੰ ਵਾਰਾਣਸੀ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸਮਾਪਤੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਖੁਦ ਪਹੁੰਚ ਕੇ ਯਾਤਰਾ ਦਾ ਸਵਾਗਤ ਕਰਨਗੇ।

ਮੀਟਿੰਗ ਦੌਰਾਨ ਇਸ ਯਾਤਰਾ ਦੇ ਉਦੇਸ਼, ਇਸ ਦੇ ਵੱਖ-ਵੱਖ ਪੜਾਵਾਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਾਨਵਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਪ੍ਰੇਮ, ਸਦਭਾਵਨਾ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਸਾਂਝ ਅਤੇ ਸਮਾਨਤਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਇਸੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਾਤਰਾ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਅਸ਼ੋਕ ਸਰੀਨ ਹਿੱਕੀ, ਕੁੰਵਰ ਸਰਤਾਜ ਵਿਰਕ, ਅਜੇ ਬੱਬਲ, ਅਮਿਤ ਸਿੰਘ ਸਾਂਘਾ, ਤਰਵਿੰਦਰ ਕੁਮਾਰ ਸੋਈ, ਅਸ਼ਵਨੀ ਧਾਂਡ, ਕ੍ਰਿਸ਼ਨਾ ਮੀਨੀਆ ਅਤੇ ਰਾਜੀਵ ਢੀਂਗਰਾ ਸਮੇਤ ਹੋਰ ਭਾਜਪਾ ਆਗੂ ਅਤੇ ਕੌਂਸਲਰ ਸਾਹਿਬਾਨ ਵੀ ਮੌਜੂਦ ਰਹੇ।

ਮੀਟਿੰਗ ਦੇ ਅੰਤ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਅਤੇ ‘ਸਮਰਸਤਾ ਸੰਕਲਪ ਯਾਤਰਾ’ ਨੂੰ ਲੈ ਕੇ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ।