ਨਾਭਾ, 21 ਅਕਤੂਬਰ (ਅਮਨ ਗਰਗ): ਨਾਭਾ ਵਿਖੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸ੍ਰੀ ਮਹਾ ਲਕਸ਼ਮੀ ਰਾਮਲੀਲਾ ਕਲੱਬ ਵੱਲੋਂ ਹਾਈਕੋਰਟ ਗਰਾਊਂਡ ਨਾਭਾ ਵਿਖੇ ਰਾਮਲੀਲਾ ਦਾ ਮੰਚਨ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕੈਂਥ ਅਤੇ ਉੱਘੀ ਸਮਾਜ ਸੇਵਿਕਾ ਪਰਮਜੀਤ ਕੌਰ ਬਾਜਵਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਰਾਮਲੀਲਾ ਮੈਦਾਨ ਵਿੱਚ ਪਹੁੰਚਣ ‘ਤੇ ਕਲੱਬ ਦੇ ਪ੍ਰਬੰਧਕਾਂ ਅਤੇ ਸਮਾਜ ਸੇਵਕ ਕਲੱਬ ਦੇ ਮੈਂਬਰਾਂ ਵੱਲੋਂ ਦੋਵਾਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਾਮਲੀਲਾ ਕਮੇਟੀ ਅਤੇ ਸਮਾਜ ਸੇਵਕ ਕਲੱਬ ਦੇ ਅਹੁਦੇਦਾਰਾਂ ਵੱਲੋਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਪਰਮਜੀਤ ਸਿੰਘ ਕੈਂਥ ਅਤੇ ਪਰਮਜੀਤ ਕੌਰ ਬਾਜਵਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਕੈਂਥ ਅਤੇ ਪਰਮਜੀਤ ਕੌਰ ਬਾਜਵਾ ਨੇ ਕਿਹਾ ਕਿ ਧਾਰਮਿਕ ਅਤੇ ਇਤਿਹਾਸਕ ਤਿਉਹਾਰ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ, ਨੈਤਿਕ ਕਦਰਾਂ-ਕੀਮਤਾਂ ਅਤੇ ਸੰਸਕਾਰਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਵਿੱਚ ਸੱਚਾਈ, ਸਦਭਾਵਨਾ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਮਿਲਦਾ ਹੈ।

ਉਨ੍ਹਾਂ ਨੇ ਸ੍ਰੀ ਮਹਾ ਲਕਸ਼ਮੀ ਰਾਮਲੀਲਾ ਕਲੱਬ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਲੰਬੇ ਸਮੇਂ ਤੋਂ ਸੁਚੱਜੇ ਢੰਗ ਨਾਲ ਰਾਮਲੀਲਾ ਦਾ ਮੰਚਨ ਕਰਵਾਇਆ ਜਾ ਰਿਹਾ ਹੈ, ਜਿਸ ਰਾਹੀਂ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਰਾਮਲੀਲਾ ਦੇ ਮੰਚਨ ਦਾ ਆਨੰਦ ਮਾਣਿਆ।