(ਅਮਿਤ ਨਖਵਾਲ):- ਲੰਡਨ/ਸਮੈਥਵਿਕ: ਇੰਗਲੈਂਡ ਦੇ ਸਮੈਥਵਿਕ ਸ਼ਹਿਰ ਵਿੱਚ ਇੱਕ ਬਜ਼ੁਰਗ ਸਿੱਖ ਵਿਅਕਤੀ ‘ਤੇ ਕਥਿਤ ਤੌਰ ‘ਤੇ ਬੇਰਹਿਮੀ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਤੋਂ ਬਾਅਦ ਬਜ਼ੁਰਗ ਨੂੰ ਜ਼ਖ਼ਮੀ ਹਾਲਤ ਵਿੱਚ ਸੜਕ ਕਿਨਾਰੇ ਸੁੱਟ ਦਿੱਤਾ ਗਿਆ, ਜਿੱਥੇ ਉਹ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲਿਆ। ਪੁਲਿਸ ਨੂੰ ਸ਼ੱਕ ਹੈ ਕਿ ਹਮਲਾਵਰਾਂ ਨੇ ਉਸ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਸੀ।

    ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਬਜ਼ੁਰਗ ਸਿੱਖ ਦੇ ਕੱਪੜੇ ਫਟੇ ਹੋਏ ਨਜ਼ਰ ਆ ਰਹੇ ਹਨ ਅਤੇ ਉਹ ਬੋਲਣ ਦੀ ਹਾਲਤ ਵਿੱਚ ਨਹੀਂ ਦਿਖਾਈ ਦਿੰਦਾ। ਮੌਕੇ ‘ਤੇ ਮੌਜੂਦ ਲੋਕ ਉਸ ਦੀ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹਨ, ਪਰ ਥੋੜ੍ਹੀ ਜਿਹੀ ਹਰਕਤ ਨਾਲ ਵੀ ਉਹ ਦਰਦ ਨਾਲ ਤੜਫ ਉੱਠਦਾ ਹੈ।

    ਜਾਣਕਾਰੀ ਅਨੁਸਾਰ, ਬਜ਼ੁਰਗ ਵਿਅਕਤੀ ਸੜਕ ਕਿਨਾਰੇ ਝਾੜੀਆਂ ਅਤੇ ਕੂੜੇ ਦੇ ਢੇਰ ਕੋਲ ਪਿਆ ਮਿਲਿਆ। ਉਸ ਦੇ ਸਿਰ ਤੋਂ ਖੂਨ ਵਹਿ ਰਿਹਾ ਸੀ ਅਤੇ ਸਰੀਰ ਦੇ ਵੱਖ-ਵੱਖ ਹਿੱਸਿਆਂ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਕੁਝ ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਉਸ ਦੀ ਪਿੱਠ ‘ਤੇ ਸੜਨ ਵਰਗੇ ਨਿਸ਼ਾਨ ਵੀ ਦਿਖਾਈ ਦਿੱਤੇ। ਜ਼ਖ਼ਮੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

    ਵੈਸਟ ਮਿਡਲੈਂਡਜ਼ ਪੁਲਿਸ ਮੁਤਾਬਕ ਇਹ ਘਟਨਾ 14 ਜੂਨ ਦੀ ਰਾਤ ਨੂੰ ਵਾਪਰੀ ਸੀ। ਮੁੱਢਲੀ ਜਾਂਚ ਤੋਂ ਇਸ਼ਾਰਾ ਮਿਲਿਆ ਹੈ ਕਿ ਬਜ਼ੁਰਗ ‘ਤੇ ਹਮਲਾ ਕੀਤਾ ਗਿਆ ਅਤੇ ਉਸ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਹੋ ਸਕਦੀ ਹੈ। ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ 17 ਸਾਲ ਉਮਰ ਦੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

    ਪੁਲਿਸ ਨੇ ਦੱਸਿਆ ਕਿ ਇੱਕ ਨੌਜਵਾਨ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ, ਜਦਕਿ ਦੂਜੇ ਸ਼ੱਕੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।

    ਪੁਲਿਸ ਦਾ ਕਹਿਣਾ ਹੈ ਕਿ ਹਮਲੇ ਦੇ ਮਕਸਦ ਅਤੇ ਸਾਰੇ ਸੰਭਾਵਿਤ ਪੱਖਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ