ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਸਿੱਖ ਤਾਲਮੇਲ ਕਮੇਟੀ ਵੱਲੋਂ ਸਿੱਖ ਭਾਈਚਾਰੇ ਨੂੰ ਸਿਆਸੀ ਪਾਰਟੀਆਂ ਵਿੱਚ ਬਣਦੀ ਨੁਮਾਇੰਦਗੀ ਦਿਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਗੁਰੂ ਘਰਾਂ ਦੇ ਨੁਮਾਇੰਦਿਆਂ ਵੱਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਕਮੇਟੀ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਸਿੱਖ ਚਿਹਰਿਆਂ ਨੂੰ ਨਜ਼ਰਅੰਦਾਜ਼ ਕਰਨ ਦਾ ਮੁੱਦਾ ਕਿਸੇ ਇੱਕ ਸਿਆਸੀ ਪਾਰਟੀ ਤੱਕ ਸੀਮਿਤ ਨਹੀਂ ਹੈ, ਸਗੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਕਮੇਟੀ ਨੇ ਕਿਹਾ ਕਿ ਸਿੱਖ ਆਗੂਆਂ ਨੂੰ ਉਨ੍ਹਾਂ ਦੀ ਯੋਗਤਾ, ਲੋਕ ਸੇਵਾ ਅਤੇ ਸਿਆਸੀ ਯੋਗਦਾਨ ਦੇ ਆਧਾਰ ‘ਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਸਿੱਖ ਭਾਈਚਾਰੇ ਨੂੰ ਸਿਰਫ਼ ਚੋਣਾਂ ਸਮੇਂ ਯਾਦ ਕਰਨ ਦੀ ਬਜਾਏ ਪਾਰਟੀਆਂ ਦੇ ਸੰਗਠਨਾਤਮਕ ਢਾਂਚੇ ਅਤੇ ਅਹਿਮ ਨਿਯੁਕਤੀਆਂ ਵਿੱਚ ਵੀ ਬਣਦਾ ਸਥਾਨ ਮਿਲਣਾ ਚਾਹੀਦਾ ਹੈ। ਕਮੇਟੀ ਨੇ ਸਪੱਸ਼ਟ ਕੀਤਾ ਕਿ ਇਹ ਮੰਗ ਕਿਸੇ ਧਰਮ ਜਾਂ ਜਾਤ ਦੇ ਵਿਰੁੱਧ ਨਹੀਂ, ਸਗੋਂ ਸਿੱਖ ਭਾਈਚਾਰੇ ਦੇ ਮਾਣ-ਸਤਿਕਾਰ, ਹੱਕਾਂ ਅਤੇ ਯੋਗ ਸਿਆਸੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਲਈ ਹੈ।

ਇਸ ਮੌਕੇ ਹਰਪਾਲ ਚੱਢਾ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਜਲੰਧਰ ਦੇ ਹਲਕਾ ਇੰਚਾਰਜਾਂ ਦੀਆਂ ਨਿਯੁਕਤੀਆਂ ਦੀ ਮੁੜ ਸਮੀਖਿਆ ਕੀਤੀ ਜਾਵੇ ਅਤੇ ਯੋਗ ਸਿੱਖ ਆਗੂਆਂ ਨੂੰ ਵੀ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਦਾ ਜਲਦ ਹੱਲ ਕੱਢਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਿੱਖ ਭਾਈਚਾਰੇ ਨੂੰ ਬਣਦੀ ਨੁਮਾਇੰਦਗੀ ਦੇਣ ਸਬੰਧੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਸਿੱਖ ਤਾਲਮੇਲ ਕਮੇਟੀ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਦੌਰਾਨ ਸਬੰਧਤ ਸਿਆਸੀ ਪਾਰਟੀ ਦੇ ਬਾਈਕਾਟ ਵਰਗੇ ਸਖ਼ਤ ਕਦਮ ਚੁੱਕਣ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

ਵੱਖ-ਵੱਖ ਜਥੇਬੰਦੀਆਂ ਨੇ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ

ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਨ ਵਾਲਿਆਂ ਵਿੱਚ ਅਗਾਜ਼ ਦੇ ਪਰਮਪ੍ਰੀਤ ਸਿੰਘ ਵਿੱਟੀ, ਗੁਰੂ ਘਰਾਂ ਦੇ ਨੁਮਾਇੰਦਿਆਂ ਵਿੱਚੋਂ ਜਗਮੋਹਨ ਸਿੰਘ ਪੱਕਾ ਬਾਗ਼, ਚਰਨਜੀਤ ਸਿੰਘ ਚੱਢਾ, ਕਮਲਜੀਤ ਸਿੰਘ ਗੁਰੂ ਤੇਗ ਬਹਾਦਰ ਨਗਰ, ਸਤਪਾਲ ਸਿੰਘ ਸਿਦਕੀ, ਗੁਰਜੀਤ ਸਿੰਘ ਪੋਪਲੀ, ਹਰਪ੍ਰੀਤ ਸਿੰਘ ਨੀਟੂ, ਭੁਪਿੰਦਰ ਪਾਲ ਸਿੰਘ ਗੜ੍ਹਾ, ਗੁਰਵਿੰਦਰ ਸਿੰਘ ਸਿੱਧੂ, ਪਲਵਿੰਦਰ ਸਿੰਘ ਬਾਬਾ, ਗੁਰਵਿੰਦਰ ਸਿੰਘ ਨਾਗੀ, ਅਮਨਦੀਪ ਸਿੰਘ ਬੱਗਾ, ਅਰਵਿੰਦਰ ਪਾਲ ਸਿੰਘ ਬਬਲੂ, ਤਜਿੰਦਰ ਸਿੰਘ ਸੰਤ ਨਗਰ, ਜਸਪ੍ਰੀਤ ਸਿੰਘ ਜੱਸੀ, ਰਣਜੀਤ ਸਿੰਘ ਗੋਲਡੀ, ਸੰਨੀ ਰਾਠੌਰ, ਰਾਜਾ ਸਿੰਘ, ਹਰਪ੍ਰੀਤ ਸਿੰਘ ਬਾਜਵਾ, ਰਣਜੀਤ ਸਿੰਘ ਨੋਨੀ, ਪਰਮਜੀਤ ਸਿੰਘ, ਬੰਟੀ ਰਾਠੌਰ, ਮੋਹਿੰਦਰ ਸਿੰਘ, ਹਰਪ੍ਰੀਤ ਸਿੰਘ, ਮੰਗਤ ਸਿੰਘ, ਜਸਮੀਤ ਸਿੰਘ ਲੋਟਸ, ਸੁਖਦੇਵ ਸਿੰਘ ਸੁੱਖਾ, ਬੇਦੀ ਸਾਹਿਬ, ਭੁਪਿੰਦਰ ਸਿੰਘ ਭਿੰਦਾ, ਪ੍ਰਦੀਪ ਸਿੰਘ ਵਿੱਕੀ, ਬਲਵਿੰਦਰ ਸਿੰਘ, ਮਨਿੰਦਰ ਸਿੰਘ ਬੇਦੀ, ਡਾ. ਗੁਰਮੁਖ ਸਿੰਘ, ਆਕਾਸ਼ ਗੁਗਲਾਨੀ, ਬਿਕਰਮਜੀਤ ਸਿੰਘ ਅਤੇ ਫ਼ਤਿਹਬੀਰ ਸਿੰਘ ਸਾਹਨੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਨੁਮਾਇੰਦੇ ਹਾਜ਼ਰ ਸਨ।

ਅੰਤ ਵਿੱਚ ਸਿੱਖ ਤਾਲਮੇਲ ਕਮੇਟੀ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਆਗੂਆਂ ਦੀ ਯੋਗਤਾ ਅਤੇ ਯੋਗਦਾਨ ਨੂੰ ਬਣਦਾ ਸਨਮਾਨ ਦੇਣ ਅਤੇ ਜਲੰਧਰ ਸਮੇਤ ਪੂਰੇ ਪੰਜਾਬ ਵਿੱਚ ਸਿੱਖ ਭਾਈਚਾਰੇ ਦੀ ਸਿਆਸੀ ਨੁਮਾਇੰਦਗੀ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ।