
Skip to content

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ, ਪੁੰਛ ’ਚ ਰੋਸ ਪ੍ਰਦਰਸ਼ਨ
ਪੁੰਛ (ਅਰਸ਼ਦੀਪ ਸਿੰਘ ਕਾਲੜਾ) : ਗੁਰੂ ਗ੍ਰੰਥ ਸਾਹਿਬ ਸਟੱਡੀ ਸਰਕਲ ਵੱਲੋਂ ਸ਼ੁੱਕਰਵਾਰ ਨੂੰ ਪੁੰਛ ਦੇ ਕਿਲ੍ਹਾ ਬਾਜ਼ਾਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ, ਜਿਨ੍ਹਾਂ ਨੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ।
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕੈਦੀਆਂ ਨੇ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਦੀ ਮਿਆਦ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਹੋਰ ਸਮਾਂ ਜੇਲ੍ਹ ਵਿੱਚ ਨਾ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਯਕੀਨੀ ਬਣਾਈ ਜਾਵੇ।
ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ, ਪੁੰਛ ਦੇ ਪ੍ਰਧਾਨ ਸ੍ਰੀ ਨਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਕੈਦੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਬੇਲੋੜੀ ਕੈਦ ਵਿੱਚ ਰੱਖਣਾ ਠੀਕ ਨਹੀਂ ਹੈ। ਉਨ੍ਹਾਂ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਇਸ ਮਾਮਲੇ ਵਿੱਚ ਜਲਦ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਸੇਵਾਮੁਕਤ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਸਮਾਜਿਕ ਕਾਰਕੁਨ ਸੁਰਜਨ ਸਿੰਘ ਸਮੇਤ ਹੋਰ ਲੋਕ ਵੀ ਮੌਜੂਦ ਸਨ। ਪ੍ਰਦਰਸ਼ਨਕਾਰੀਆਂ ਨੇ ਕੈਦੀਆਂ ਦੀ ਰਿਹਾਈ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਲੋੜੀਂਦੇ ਕਦਮ ਜਲਦ ਚੁੱਕੇ ਜਾਣ।

Related