ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਨੇ ਮੁਲਾਕਾਤ ਕੀਤੀ।
ਇਸ ਦੌਰਾਨ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਲਿਖੀ ਚਿੱਠੀ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਵਿੱਚ 28 ਸਾਲ ਹੋ ਚੁੱਕੇ ਹਨ।
ਉਨ੍ਹਾਂ ਦੀ ਰਿਹਾਈ ਲਈ ਕੋਈ ਵਿਸ਼ੇਸ਼ ਹੀਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਿਹੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖ਼ਤ ਮੁਹਿੰਮ ਚਲਾ ਕੇ ਦਸਤਖ਼ਤ ਕਰਵਾਏ ਗਏ ਸਨ ਉਸ ਦਸਤਖ਼ਤ ਨੂੰ ਰਾਸ਼ਟਰਪਤੀ ਨੂੰ ਸੌਂਪਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹੁਣ ਆਪਣੇ ਹੱਥ ਖੜ੍ਹੇ ਕਰ ਚੁੱਕੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2012 ਨੂੰ ਪਾਈ ਗਈ ਅਪੀਲ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵੱਲ ਧਿਆਨ ਨਹੀਂ ਦੇ ਰਹੀ ਹੈ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਇਸ ਪਾਸੇ ਕੋਈ ਧਿਆਨ ਦੇ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਉਹ ਜਲਦ ਹੀ ਜੇਲ੍ਹ ਵਿੱਚ ਜਾ ਕੇ ਬਲਵੰਤ ਸਿੰਘ ਰਾਜੋਆਣਾ ਨਾਲ ਖੁਦ ਮੁਲਾਕਾਤ ਕਰਨਗੇ।