
Skip to content

ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਰਧਾਂਜਲੀ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਕੋਟਕਪੂਰਾ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੀ ਢਿੱਲੋਂ ਕਲੋਨੀ ਵਿਖੇ ਬੀ.ਐਸ.ਐਫ. ਦੇ ਸ਼ਹੀਦ ਸਬ ਇੰਸਪੈਕਟਰ ਬਲਬੀਰ ਸਿੰਘ ਦੇ ਅੰਤਿਮ ਸੰਸਕਾਰ ਵਿੱਚ ਸ਼ਿਰਕਤ ਕਰਦਿਆਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਆਪਣੀ ਡਿਊਟੀ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਈ ਅਤੇ ਉਨ੍ਹਾਂ ਦਾ ਬਲਿਦਾਨ ਪੂਰੇ ਦੇਸ਼ ਲਈ ਮਾਣ ਅਤੇ ਪ੍ਰੇਰਣਾ ਦਾ ਸਰੋਤ ਹੈ।
ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸਪੀਕਰ ਨੇ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।
ਜ਼ਿਕਰਯੋਗ ਹੈ ਕਿ ਸ਼ਹੀਦ ਸਬ ਇੰਸਪੈਕਟਰ ਬਲਬੀਰ ਸਿੰਘ, ਪੁੱਤਰ ਨਾਜਰ ਸਿੰਘ, ਬੀ.ਐਸ.ਐਫ. ਦੀ 57ਵੀਂ ਬਟਾਲੀਅਨ ਵਿੱਚ ਸਿਲੀਗੁੜੀ (ਪੱਛਮੀ ਬੰਗਾਲ) ਵਿਖੇ ਤਾਇਨਾਤ ਸਨ। ਡਿਊਟੀ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਸ਼ਹਾਦਤ ਨੂੰ ਸਨਮਾਨ ਦਿੰਦਿਆਂ ਭਾਰਤ ਸਰਕਾਰ ਅਤੇ ਬੀ.ਐਸ.ਐਫ. ਵੱਲੋਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ।
ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਾਜਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਬੀ.ਐਸ.ਐਫ. ਦੇ ਅਧਿਕਾਰੀ, ਸ਼ਹੀਦ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕਰਕੇ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ।

Related