ਕਿਹਾ—ਗੁਰਬਾਣੀ ਨਾਲ ਜੁੜ ਕੇ ਹੀ ਪਦਾਰਥਵਾਦੀ ਯੁੱਗ ਦੀਆਂ ਚਿੰਤਾਵਾਂ ਅਤੇ ਭਟਕਣਾਵਾਂ ਤੋਂ ਮਿਲ ਸਕਦਾ ਹੈ ਛੁਟਕਾਰਾ

ਅੰਮ੍ਰਿਤਸਰ (ਅਮਿਤ ਨੱਖਵਾਲ), ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਖਾਲਸਾ ਪੰਥ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਕੋਟਿ-ਕੋਟਿ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਸੌਂਪ ਕੇ ਸਿੱਖ ਪੰਥ ਨੂੰ ਸ਼ਬਦ ਗੁਰੂ ਦੇ ਲੜ ਲਾਇਆ ਸੀ।

ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਆਪਣਾ ਸਦੀਵੀ ਗੁਰੂ ਮੰਨਦਿਆਂ ਹਮੇਸ਼ਾ ਗੁਰਬਾਣੀ ਦਾ ਓਟ-ਆਸਰਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿਸੇ ਇਮਾਰਤ ਨੂੰ ਥੰਮ੍ਹ ਸਹਾਰਾ ਦਿੰਦਾ ਹੈ, ਉਸੇ ਤਰ੍ਹਾਂ ਗੁਰੂ ਦਾ ਸ਼ਬਦ ਮਨ ਨੂੰ ਸਥਿਰਤਾ ਅਤੇ ਜੀਵਨ ਨੂੰ ਸਹੀ ਸੇਧ ਪ੍ਰਦਾਨ ਕਰਦਾ ਹੈ। ਗੁਰੂ ਸ਼ਬਦ ਹੀ ਸਾਡੇ ਮਨ ਅਤੇ ਜੀਵਨ ਦਾ ਅਸਲ ਆਸਰਾ ਹੈ। ਉਨ੍ਹਾਂ ਸੰਗਤਾਂ ਨੂੰ ਆਪਣੇ ਘਰਾਂ ਵਿੱਚ ਗੁਰਬਾਣੀ ਦਾ ਪਾਠ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ।

ਉਨ੍ਹਾਂ ਕਿਹਾ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਮਨੁੱਖ ਅਨੇਕਾਂ ਚਿੰਤਾਵਾਂ ਅਤੇ ਭਟਕਣਾਵਾਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਤੋਂ ਮੁਕਤੀ ਪ੍ਰਾਪਤ ਕਰਨ ਦਾ ਸਹੀ ਮਾਰਗ ਗੁਰਬਾਣੀ ਨਾਲ ਜੁੜਨਾ ਹੈ। ਗੁਰਬਾਣੀ ਦੀ ਪਾਵਨ ਤੁਕ ‘ਧੁਰ ਕੀ ਬਾਣੀ ਆਈ ਤਿਨਿ ਸਗਲੀ ਚਿੰਤ ਮਿਟਾਈ’ ਸਾਨੂੰ ਜੀਵਨ ਦੀਆਂ ਚਿੰਤਾਵਾਂ ਤੋਂ ਮੁਕਤ ਹੋਣ ਦਾ ਰਾਹ ਦਿਖਾਉਂਦੀ ਹੈ।

ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਸਿੱਖ ਪੰਥ ਲਈ ਕਿਸੇ ਵੀ ਦੇਹਧਾਰੀ ਨੂੰ ਗੁਰੂ ਦਾ ਦਰਜਾ ਦੇਣਾ ਉਚਿਤ ਨਹੀਂ ਹੈ। ਦਸ ਗੁਰੂ ਸਾਹਿਬਾਨ ਦੀ ਜੋਤ, ਭਗਤ ਸਾਹਿਬਾਨ ਅਤੇ ਗੁਰਸਿੱਖਾਂ ਦੀ ਬਾਣੀ ਦੇ ਪ੍ਰਕਾਸ਼ ਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਸਾਡੇ ਸਦੀਵੀ ਗੁਰੂ ਹਨ। ਉਨ੍ਹਾਂ ਸਮੁੱਚੀ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁਰਬਾਣੀ ਦੇ ਦੱਸੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

ਰਿਪੋਰਟ : ਅਮਿਤ ਨੱਖਵਾਲ