ਚੰਡੀਗੜ੍ਹ- ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੇ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ 18 ਨਵੰਬਰ ਨੂੰ ਉਹ ਪਹਿਲੇ ਜਥੇ ਨਾਲ ਸਮੁੱਚੀ ਪੰਜਾਬ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ ‘ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ ‘ਤੇ ਉਠਾਇਆ ਸੀ।