Skip to content
ਫਗਵਾੜਾ (ਪੁਨੀਤ) : ਪੰਜਾਬ ਪੁਲਿਸ ਵੱਲੋਂ ਸ਼ੁੱਕਰਵਾਰ ਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਸਮੇਤ ਕਈ ਸ਼ਹਿਰਾਂ ਵਿੱਚ ਤਲਾਸ਼ੀ ਦੇ ਨਾਮ ’ਤੇ ਅਖ਼ਬਾਰਾਂ ਦੀ ਸਪਲਾਈ ਕਰਨ ਵਾਲੇ ਵਾਹਨਾਂ ਨੂੰ ਰੋਕਣ, ਡਰਾਈਵਰਾਂ ਦੇ ਮੋਬਾਈਲ ਫੋਨ ਖੋਹਣ ਅਤੇ ਜ਼ਬਰਦਸਤੀ ਗੱਡੀਆਂ ਨੂੰ ਥਾਣਿਆਂ ਵਿੱਚ ਲਿਜਾਣ ਦੀਆਂ ਘਟਨਾਵਾਂ ਨਾ ਸਿਰਫ਼ ਮੰਦਭਾਗੀਆਂ ਹਨ, ਸਗੋਂ ਬਹੁਤ ਨਿੰਦਣਯੋਗ ਵੀ ਹਨ। ਇਹ ਟਿੱਪਣੀ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਖ਼ਬਾਰਾਂ ਦੀ ਸਪਲਾਈ ‘ਚ ਵਿਘਨ ਪਾ ਕੇ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਅਸਫਲ ਕੋਸ਼ਿਸ਼ ਕਰ ਰਹੇ ਹਨ। ਇਹ ਅਜੀਬੋ-ਗਰੀਬ ਘਟਨਾਵਾਂ ਆਮ ਆਦਮੀ ਪਾਰਟੀ ਅਤੇ ਸੂਬਾ ਸਰਕਾਰ ਦੀ ਬੌਖਲਾਹਟ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦੀਆਂ ਹਨ। ਧਾਲੀਵਾਲ ਨੇ ਕਿਹਾ ਕਿ ਤਰਨਤਾਰਨ ਉਪ-ਚੋਣ ਦੌਰਾਨ 92 ਵਿਧਾਇਕਾਂ ਦੇ ਇਤਿਹਾਸਕ ਬਹੁਮਤ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨੂੰ ਆਪਣੇ ਪ੍ਰਤੀ ਲੋਕਾਂ ਵਿੱਚ ਡੂੰਘੀ ਨਾਰਾਜ਼ਗੀ ਦਾ ਚੰਗੀ ਤਰ੍ਹਾਂ ਅਹਿਸਾਸ ਹੋ ਚੁੱਕਾ ਹੈ। ਕਿਉਂਕਿ ਇਹ ਸਰਕਾਰ ਹਰ ਮੋਰਚੇ ’ਤੇ ਬੁਰੀ ਤਰ੍ਹਾਂ ਅਸਫਲ ਰਹੀ ਹੈ। ਨਾ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਿਆ ਅਤੇ ਨਾ ਹੀ ਕਾਨੂੰਨ ਵਿਵਸਥਾ ਸਰਕਾਰ ਦੇ ਕੰਟਰੋਲ ਵਿੱਚ ਹੈ। ਬੇਰੁਜ਼ਗਾਰੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ ਦਾ ਕਰਜ਼ਾ ਚਾਰ ਲੱਖ ਕਰੋੜ ਰੁਪਏ ਤੱਕ ਪਹੁੰਚ ਰਿਹਾ ਹੈ। ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕ ਅਤੇ ਸਟਾਫ਼ ਸਰਕਾਰ ਵਿਰੁੱਧ ਸੜਕਾਂ ’ਤੇ ਪ੍ਰਦਰਸ਼ਨ ਕਰਕੇ ਸਿੱਖਿਆ ਕ੍ਰਾਂਤੀ ਦੀ ਪੋਲ ਖੋਲ੍ਹ ਰਹੇ ਹਨ। ਸਰਕਾਰੀ ਕਰਮਚਾਰੀ ਵੀ ਸਰਕਾਰ ਤੋਂ ਦੁਖੀ ਹਨ। ਰੋਜ਼ਾਨਾ ਚੋਰੀ, ਡਕੈਤੀ, ਲੁੱਟਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਲੋਕਾਂ ਨੂੰ ਅਸੁਰੱਖਿਅਤ ਮਹਿਸੂਸ ਕਰਵਾ ਰਹੀਆਂ ਹਨ। ਲੋਕਾਂ ਦਾ ਗੁੱਸਾ ਇੰਨਾ ਤੀਬਰ ਹੈ ਕਿ ਪਿੰਡਾਂ ਵਿੱਚ ਬੋਰਡ ਲਗਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਵਾਲੇ ਪਿੰਡ ‘ਚ ਦਾਖਲ ਨਾ ਹੋਣ। ਜਿਸ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਅਤੇ ਵਿਰੋਧੀ ਧਿਰ ਨੂੰ ਦਬਾਉਣ ਲਈ ਅਖ਼ਬਾਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਸਰਕਾਰ ਵਿਰੋਧੀ ਖਬਰਾਂ ਦਾ ਪ੍ਰਕਾਸ਼ਨ ਰੋਕਿਆ ਜਾ ਸਕੇ। ਹਾਲਾਂਕਿ, ਅਜਿਹੀਆਂ ਚਾਲਾਂ ਭਗਵੰਤ ਮਾਨ ਸਰਕਾਰ ਨੂੰ ਪਤਨ ਵੱਲ ਲੈ ਜਾਣਗੀਆਂ। ਉਨ੍ਹਾਂ ਸਾਰੇ ਪੰਜਾਬੀਆਂ ਅਤੇ ਖਾਸ ਕਰਕੇ ਤਰਨਤਾਰਨ ਦੇ ਵੋਟਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਦੁਸ਼ਮਣ ਅਤੇ ਪ੍ਰੈਸ ਦੀ ਆਜ਼ਾਦੀ ਦਾ ਗਲਾ ਘੁੱਟ ਰਹੀ ਆਮ ਆਦਮੀ ਪਾਰਟੀ ਨੂੰ ਤਰਨਤਾਰਨ ਦੀ ਵਿਧਾਨ ਸਭਾ ਉਪ ਚੋਣ ਵਿੱਚ ਕਰਾਰਾ ਸਬਕ ਸਿਖਾਇਆ ਜਾਵੇ।
Related