ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 776 ਨੋਡਲ ਅਫ਼ਸਰ ਅਤੇ 50 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।

    ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਕਾਰਨ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਸੰਭਵ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤ ਵਿੱਚ ਹੀ ਰਲਾਉਣਾ ਚਾਹੀਦਾ ਹੈ। ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨਗੇ, ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।