ਲੁਧਿਆਣਾ ਵਿਚ ਮੰਗਲਵਾਰ ਸ਼ਾਮ ਨੂੰ ਇੱਕ ਸਬ-ਇੰਸਪੈਕਟਰ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮ੍ਰਿਤਕ ਸਬ ਇੰਸਪੈਕਟਰ ਦੀ ਲਾਸ਼ ਐਲਆਈਜੀ ਫਲੈਟ ਤੋਂ ਬਰਾਮਦ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਸਾਨੂੰ ਮੰਗਲਵਾਰ ਸ਼ਾਮ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਲੁਧਿਆਣਾ ਦੇ ਐਲਆਈਜੀ ਫਲੈਟ ਵਿੱਚ ਸਬ ਇੰਸਪੈਕਟਰ ਅਰਵਿੰਦਰ ਸਿੰਘ ਦੀ ਲਾਸ਼ ਪਈ ਹੈ। ਜਿਸ ਤੋਂ ਤੁਰੰਤ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਸਬ ਇੰਸਪੈਕਟਰ ਅਰਵਿੰਦਰ ਸਿੰਘ ਪੁਲਿਸ ਲਾਈਨ ਲੁਧਿਆਣਾ ਵਿੱਚ ਤਾਇਨਾਤ ਸੀ। ਪੁਲਿਸ ਦੀ ਜਾਂਚ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮ੍ਰਿਤਕ ਸਬ ਇੰਸਪੈਕਟਰ ਦਾ ਪਰਿਵਾਰ ਗੁਰਦਾਸਪੁਰ ‘ਚ ਰਹਿੰਦਾ ਹੈ। ਜਿਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਏਸੀਪੀ ਰੂਪਦੀਪ ਨੇ ਦੱਸਿਆ ਕਿ ਫਲੈਟਾਂ ਵਿੱਚ ਰਹਿੰਦੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ।