ਮਾਨਸਿਕ ਤਣਾਅ ਕਾਰਨ ਸੇਵਾਮੁਕਤ ਪੁਲਿਸ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖੇ ਕਈ ਨਾਂ

 ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਜਲੰਧਰ ਦੇ ਸ਼ਾਹਕੋਟ ਨੇੜਲੇ ਪਿੰਡ ਕਨੀਆਂ ਕਲਾਂ ਵਿੱਚ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਇੰਸਪੈਕਟਰ ਵੱਲੋਂ ਕਥਿਤ ਤੌਰ ‘ਤੇ ਮਾਨਸਿਕ ਤਣਾਅ ਦੇ ਚਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਤੇ ਸੁਸਾਈਡ ਨੋਟ ਦੇ ਆਧਾਰ ‘ਤੇ ਕੁਝ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਤਨੀ ਕੁਲਵੰਤ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਨ੍ਹਾਂ ਦੇ ਪਤੀ ਹਰਭਜਨ ਸਿੰਘ ਪੰਜਾਬ ਪੁਲਿਸ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਖੇਤੀਬਾੜੀ ਕਰਦੇ ਸਨ। ਪਰਿਵਾਰ ਦੇ ਤਿੰਨੋਂ ਬੱਚੇ ਵਿਆਹੇ ਹੋਏ ਹਨ ਅਤੇ ਨਿਊਜ਼ੀਲੈਂਡ ਵਿੱਚ ਰਹਿੰਦੇ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਅਮਰਪ੍ਰੀਤ ਸਿੰਘ ਦਾ ਵਿਆਹ 5 ਮਈ 2025 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪਨਿਆਰ ਦੀ ਰਹਿਣ ਵਾਲੀ ਨਵਦੀਪ ਕੌਰ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਦੋਵੇਂ ਨਿਊਜ਼ੀਲੈਂਡ ਚਲੇ ਗਏ, ਜਿੱਥੇ ਪਤੀ-ਪਤਨੀ ਵਿਚਾਲੇ ਵਿਵਾਦ ਪੈਦਾ ਹੋ ਗਿਆ। ਮਾਮਲਾ ਵਧਣ ‘ਤੇ ਅਮਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਦੀ ਅਦਾਲਤ ਵਿੱਚ ਤਲਾਕ ਦੀ ਅਰਜ਼ੀ ਦਾਇਰ ਕਰ ਦਿੱਤੀ, ਜੋ ਇਸ ਸਮੇਂ ਵਿਚਾਰ ਅਧੀਨ ਹੈ।

ਕੁਲਵੰਤ ਕੌਰ ਨੇ ਦੋਸ਼ ਲਗਾਇਆ ਕਿ ਨੂੰਹ ਨਵਦੀਪ ਕੌਰ ਨੇ ਆਪਣੇ ਪਿਤਾ ਰਛਪਾਲ ਸਿੰਘ ਰਾਹੀਂ ਉਨ੍ਹਾਂ ਦੇ ਪਰਿਵਾਰ ਨੂੰ ਤੰਗ-ਪਰੇਸ਼ਾਨ ਕਰਨ ਦੀ ਨੀਅਤ ਨਾਲ ਹਰਭਜਨ ਸਿੰਘ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਥਾਣਾ ਸਿਟੀ ਬਟਾਲਾ ਵਿੱਚ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕੇਸ ਤੋਂ ਬਾਅਦ ਹਰਭਜਨ ਸਿੰਘ ਗੰਭੀਰ ਮਾਨਸਿਕ ਤਣਾਅ ਵਿੱਚ ਰਹਿਣ ਲੱਗ ਪਏ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਲੜਕੀ ਦੇ ਪਰਿਵਾਰ ਵੱਲੋਂ ਲਗਾਤਾਰ ਦਬਾਅ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। 10 ਜੂਨ 2026 ਨੂੰ ਨਿਊਜ਼ੀਲੈਂਡ ਤੋਂ ਭਾਰਤ ਪਰਤਣ ਤੋਂ ਬਾਅਦ ਵੀ ਹਰਭਜਨ ਸਿੰਘ ਤਣਾਅ ਵਿੱਚ ਸਨ। ਇਸੇ ਦੌਰਾਨ ਉਨ੍ਹਾਂ ਨੇ ਕਥਿਤ ਤੌਰ ‘ਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ, ਜਲੰਧਰ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਕੁਲਵੰਤ ਕੌਰ ਮੁਤਾਬਕ ਹਰਭਜਨ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ, ਜਿਸ ਵਿੱਚ ਕੁਝ ਵਿਅਕਤੀਆਂ ਦੇ ਨਾਂ ਦਰਜ ਹਨ।

ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿੱਤਾ ਹੈ। ਸ਼ਾਹਕੋਟ ਦੇ ਐਸ.ਐਚ.ਓ. ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਤੇ ਸੁਸਾਈਡ ਨੋਟ ਦੇ ਆਧਾਰ ‘ਤੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।