ਪੱਟੀ (ਅਰਸ਼ਦੀਪ ਸਿੰਘ ਕਾਲੜਾ) :- ਪੱਟੀ ਦੇ ਵਾਰਡ ਨੰਬਰ 13 ਤੋਂ ਇਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ 24 ਸਾਲਾ ਅਜੇਪਾਲ ਸਿੰਘ ਨੇ ਸਲਫ਼ਾਸ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਪਰਿਵਾਰ ਨੇ ਉਸ ਦੇ ਮਾਲਕਾਂ ‘ਤੇ ਮਾਨਸਿਕ ਤੌਰ ‘ਤੇ ਤੰਗ-ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਮ੍ਰਿਤਕ ਦੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਅਜੇਪਾਲ ਸਿੰਘ ਪਿਛਲੇ ਕਰੀਬ 12 ਸਾਲਾਂ ਤੋਂ ਸਤਨਾਮ ਜਿਊਲਰ ਐਂਡ ਸੰਨਜ਼ ਵਿਖੇ ਕੰਮ ਕਰ ਰਿਹਾ ਸੀ। ਦੋ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਅਤੇ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਉਸ ਨੇ ਨੌਕਰੀ ਛੱਡਣ ਦੀ ਗੱਲ ਕੀਤੀ ਤਾਂ ਦੁਕਾਨ ਦੇ ਮਾਲਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਉਸ ‘ਤੇ ਚੋਰੀ ਦੇ ਦੋਸ਼ ਲਗਾ ਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ।
ਪਰਿਵਾਰ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਮਾਲਕਾਂ ਨਾਲ ਗੱਲਬਾਤ ਵੀ ਕੀਤੀ ਗਈ, ਪਰ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਦਾ ਦਾਅਵਾ ਹੈ ਕਿ ਇਸੇ ਕਾਰਨ ਅਜੇਪਾਲ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜਿਸ ਵਿੱਚ ਉਸ ਨੇ ਆਪਣੀ ਪਰੇਸ਼ਾਨੀ ਦਾ ਜ਼ਿਕਰ ਕੀਤਾ ਅਤੇ ਇਸ ਤੋਂ ਬਾਅਦ ਸਲਫ਼ਾਸ ਨਿਗਲ ਲਈ।
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸੰਧੂ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਵੱਲੋਂ ਇਲਾਜ ਕੀਤਾ ਗਿਆ, ਪਰ ਦੇਰ ਰਾਤ ਕਰੀਬ 1 ਵਜੇ ਉਸ ਦੀ ਮੌਤ ਹੋ ਗਈ।
ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕਈ ਘੰਟਿਆਂ ਤੱਕ ਕੋਈ ਅਧਿਕਾਰੀ ਹਸਪਤਾਲ ਨਹੀਂ ਪਹੁੰਚਿਆ। ਉਨ੍ਹਾਂ ਨੇ ਐਸਐਸਪੀ ਤੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉੱਧਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


