ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਵਿਵਾਦ: ਸੁਖਬੀਰ ਬਾਦਲ ਦਾ ਵੱਡਾ ਐਲਾਨ, ਕਿਹਾ– ਪੰਜਾਬ ਦੇ ਹਰ ਪਿੰਡ ਤੇ ਹਰ ਕੋਨੇ ਵਿੱਚ ਦਿਖਾਵਾਂਗੇ ਫ਼ਿਲਮ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- OTT ਪਲੇਟਫਾਰਮ ZEE5 ਤੋਂ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਹਟਾਏ ਜਾਣ ਨੂੰ ਲੈ ਕੇ ਛਿੜੇ ਵਿਵਾਦ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਪੰਜਾਬ ਦੇ ਹਰ ਪਿੰਡ ਅਤੇ ਹਰ ਕੋਨੇ ਵਿੱਚ ਇਸ ਫ਼ਿਲਮ ਦੀ ਸਕ੍ਰੀਨਿੰਗ ਕਰਵਾਏਗੀ।

 

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ‘ਸਤਲੁਜ’ ਫ਼ਿਲਮ ਕਾਂਗਰਸ ਦੇ ਸ਼ਾਸਨ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਅਤੇ ਸਿੱਖ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵੀ ਸ਼ਾਮਲ ਹਨ, ‘ਤੇ ਹੋਏ ਕਥਿਤ ਅਮਾਨਵੀਅਤ ਭਰੇ ਜ਼ੁਲਮਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਇਸ ਲਈ ਵੀ ਦਿਖਾਈ ਜਾਣੀ ਚਾਹੀਦੀ ਹੈ ਤਾਂ ਜੋ ਨਵੀਂ ਪੀੜ੍ਹੀ ਉਸ ਦੌਰ ਦੇ ਇਤਿਹਾਸ ਅਤੇ ਘਟਨਾਵਾਂ ਨਾਲ ਜਾਣੂ ਹੋ ਸਕੇ।

ਉਨ੍ਹਾਂ ਆਪਣੀ ਪੋਸਟ ਵਿੱਚ ਅੱਗੇ ਕਿਹਾ ਕਿ ਇਹ ਫ਼ਿਲਮ ਉਸ ਦੌਰ ਦੀਆਂ ਘਟਨਾਵਾਂ ਨੂੰ ਦਰਸਾਉਂਦੀ ਹੈ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਕਾਰਵਾਈ, ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਖ਼ਿਲਾਫ਼ ਹੋਈ ਹਿੰਸਾ ਅਤੇ ਇਸ ਤੋਂ ਬਾਅਦ ਪੰਜਾਬ ਵਿੱਚ ਹੋਈਆਂ ਕਥਿਤ ਜਾਅਲੀ ਪੁਲਿਸ ਮੁਠਭੇੜਾਂ ਵਰਗੇ ਮਾਮਲੇ ਸ਼ਾਮਲ ਹਨ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਉਸ ਸਮੇਂ ਦੇ ਇਤਿਹਾਸ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ, ਪਰ ਸ਼੍ਰੋਮਣੀ ਅਕਾਲੀ ਦਲ ਅਜਿਹਾ ਨਹੀਂ ਹੋਣ ਦੇਵੇਗਾ।

ਫ਼ਿਲਹਾਲ ZEE5 ਵੱਲੋਂ ਫ਼ਿਲਮ ਹਟਾਏ ਜਾਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।