ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਵਿਪਨ ਮਿੱਤਲ ) ਦੇਸ਼ ਅੰਦਰ ਅਵਾਰਾ ਕੁੱਤਿਆਂ ਅਤੇ ਲਾਵਾਰਸ ਗਊਆਂ/ਸਾਂਢਾ ਦੇ ਆਤੰਕ ਨਾਲ ਲੱਖਾਂ ਦੀ ਗਿਣਤੀ ਵਿੱਚ ਬੱਚੇ ਬਜ਼ੁਰਗ ਤੇ ਔਰਤਾਂ ਜਖ਼ਮੀ ਹੋ ਜਾਂਦੇ ਹਨ। ਕਈਆਂ ਦੀ ਤਾਂ ਜਾਨ ਵੀ ਚਲੀ ਜਾਂਦੀ ਹੈ। ਅਜਿਹੇ ਜਾਨਵਰ ਬਹੁਤ ਵਾਰ ਸੜਕੀ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਕੁੱਤਿਆਂ ਅਤੇ ਲਾਵਾਰਸ ਗਊ ਵੰਸ਼ ਦੇ ਆਤੰਕ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਪ੍ਰਮੁੱਖ ਸਖਸ਼ੀਅਤਾਂ ਅਤੇ ਗੈਰ ਸਰਕਾਰੀ ਸਮਾਜ ਸੇਵੀ ਸੰਗਠਨਾਂ ਵੱਲੋਂ ਆਵਾਜ਼ ਉਠਾਈ ਜਾਂਦੀ ਰਹੀ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਵਰਕਿੰਗ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਉੱਚ ਪੱਧਰੀ ਵਫ਼ਦ ਨੇ ਆਪਣੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਜਿਲ੍ਹਾ ਵਾਸੀਆਂ ਨੂੰ ਅਵਾਰਾ ਕੁੱਤਿਆਂ ਅਤੇ ਹੋਰ ਜਾਨਵਰਾਂ ਦੇ ਹਮਲਿਆਂ ਤੋਂ ਬਚਾਉਣ ਦੀ ਮੰਗ ਕੀਤੀ ਸੀ। ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕਾਰਵਾਈ ਸ਼ੁਰੂ ਵੀ ਕੀਤੀ ਹੋਈ ਹੈ। ਹੁਣ ਦੇਸ਼ ਦੀ ਸਰਵ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਮਹੱਤਵ ਪੂਰਨ ਅਤੇ ਲੋਕ ਪੱਖੀ ਫੈਸਲਾ ਕੀਤਾ ਹੈ। ਇਸ ਫੈਸਲੇ ਅਨੁਸਾਰ ਅਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮ ਵਿੱਚ ਭੇਜਣ ਅਤੇ ਇਸ ਵਿੱਚ ਅੜਿੱਕਾ ਬਣਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਹਿਦਾਇਤ ਕੀਤੀ ਹੈ। ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮਾਨਯੋਗ ਸੁਪਰੀਮ ਕੋਰਟ ਦੇ ਉਕਤ ਫੈਸਲੇ ਦੀ ਸ਼ਲਾਘਾ ਕੀਤੀ ਹੈ। ਮਿਸ਼ਨ ਆਗੂਆਂ ਨੇ ਕਿਹਾ ਹੈ ਕਿ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਪ੍ਰਧਾਨ ਢੋਸੀਵਾਲ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇ ਨਜ਼ਰ ਜਿਲ੍ਹੇ ਅੰਦਰ ਵੀ ਅਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮ ਭੇਜਣ ਦਾ ਕਾਰਜ ਤੁਰੰਤ ਆਰੰਭ ਕੀਤਾ ਜਾਵੇ।