
Skip to content

ਪੱਤਰਕਾਰਾਂ ਦੀ ਏਕਤਾ ਤੇ ਆਪਸੀ ਸਹਿਯੋਗ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ : ਸਿੱਧੂ, ਸ਼ਰਮਾ
ਜਤਿੰਦਰ ਪਿੰਕਲ, ਫ਼ਿਰੋਜ਼ਪੁਰ: ਪੱਤਰਕਾਰ ਭਾਈਚਾਰੇ ਦੀ ਏਕਤਾ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਦਿਆਂ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਕਰਵਾਈ ਗਈ। ਚੋਣ ਦੌਰਾਨ ਸੀਨੀਅਰ ਪੱਤਰਕਾਰ, ਅਧਿਆਪਕ, ਗੀਤਕਾਰ, ਅਦਾਕਾਰ, ਗਾਇਕ ਅਤੇ ਸਟੇਟ ਤੇ ਰਾਸ਼ਟਰੀ ਪੁਰਸਕਾਰ ਜੇਤੂ ਗੁਰਨਾਮ ਸਿੱਧੂ ਨੂੰ ਕਲੱਬ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਸੀਨੀਅਰ ਪੱਤਰਕਾਰ ਵਿਜੇ ਸ਼ਰਮਾ ਨੂੰ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ।
ਚੋਣ ਪ੍ਰਕਿਰਿਆ ਦੌਰਾਨ ਕਲੱਬ ਦੇ ਸਮੂਹ ਮੈਂਬਰਾਂ ਨੇ ਦੋਵਾਂ ਅਹੁਦੇਦਾਰਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਸਰਬਸੰਮਤੀ ਨਾਲ ਉਨ੍ਹਾਂ ਦੀ ਚੋਣ ਕੀਤੀ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਗੁਰਨਾਮ ਸਿੱਧੂ ਅਤੇ ਚੇਅਰਮੈਨ ਵਿਜੇ ਸ਼ਰਮਾ ਨੇ ਸਮੂਹ ਪੱਤਰਕਾਰ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਦੀ ਮਜ਼ਬੂਤੀ ਦਾ ਸਭ ਤੋਂ ਵੱਡਾ ਆਧਾਰ ਪੱਤਰਕਾਰਾਂ ਦੀ ਏਕਤਾ, ਆਪਸੀ ਸਹਿਯੋਗ ਅਤੇ ਆਪਸੀ ਭਰੋਸਾ ਹੈ।
ਉਨ੍ਹਾਂ ਕਿਹਾ ਕਿ ਪੱਤਰਕਾਰ ਸਮਾਜ ਦਾ ਸ਼ੀਸ਼ਾ ਹੁੰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਲੱਬ ਵੱਲੋਂ ਪਹਿਲਾਂ ਦੀ ਤਰ੍ਹਾਂ ਪੱਤਰਕਾਰ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ ਜਾਂਦਾ ਰਹੇਗਾ।
ਗੁਰਨਾਮ ਸਿੱਧੂ ਅਤੇ ਵਿਜੇ ਸ਼ਰਮਾ ਨੇ ਕਿਹਾ ਕਿ ਭਵਿੱਖ ਵਿੱਚ ਕਲੱਬ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਪੱਤਰਕਾਰ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ।
ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਲੱਬ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਧਰ, ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਵੀ ਗੁਰਨਾਮ ਸਿੱਧੂ ਅਤੇ ਵਿਜੇ ਸ਼ਰਮਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਚੋਣ ਮੌਕੇ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਹਾਜ਼ਰ ਸੀ।
Related