Skip to content
ਨਾਂਦੇੜ (ਅਰਸ਼ਦੀਪ ਸਿੰਘ ਕਾਲੜਾ) : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਖ਼ਤ ਸੱਚਖੰਡ ਸ੍ਰੀ ਹਜੂਰ ਅਬੀਚਲਨਗਰ ਸਾਹਿਬ, ਨਾਂਦੇੜ ਵਿਖੇ ਬੰਦੀ ਛੋੜ ਦਿਵਸ (ਦੀਪਮਾਲਾ) ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਸ. ਰਵਿੰਦਰ ਸਿੰਘ ਕਪੂਰ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਵੱਲੋਂ ਤਖ਼ਤ ਸਾਹਿਬ ਵਿਖੇ ਘਿਓ ਦੇ ਦੀਵੇ ਜਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਹ ਦਿਹਾੜਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
ਹਜੂਰ ਸਾਹਿਬ ਦੀ ਪੁਰਾਤਨ ਰਵਾਇਤ ਅਨੁਸਾਰ ਇਸ ਮੌਕੇ ਮਹੱਲੇ ਨੂੰ ਤੋਪਾਂ ਦੀ ਸਲਾਮੀ ਦਿੱਤੀ ਗਈ। ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ਼ਾਮ 4 ਵਜੇ ਤਖ਼ਤ ਸਾਹਿਬ ਦੇ ਮੀਤ ਜਥੇਦਾਰ ਸਿੰਘ ਸਾਹਿਬ ਭਾਈ ਰਾਮ ਸਿੰਘ ਜੀ ਵੱਲੋਂ ਅਰਦਾਸ ਉਪਰੰਤ ਮਹੱਲੇ ਦੀ ਸ਼ੁਰੂਆਤ ਕੀਤੀ ਗਈ।
ਮਹੱਲੇ ਵਿੱਚ ਨਿਸ਼ਾਨਚੀ ਸਿੰਘ, ਸੋਨੇ-ਚਾਂਦੀ ਦੀਆਂ ਕਾਠੀਆਂ ਨਾਲ ਸਜੇ ਗੁਰੂ ਮਹਾਰਾਜ ਦੇ ਘੋੜੇ, ਕੀਰਤਨੀ ਜਥੇ, ਗਤਕਾ ਅਖਾੜੇ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੀਆਂ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ‘ਖ਼ਾਲਸਾ ਹੱਲਾ ਬੋਲ ਚੌਕ’ ਵਿਖੇ ਰਵਾਇਤੀ ਹੱਲਾ ਖੇਡਿਆ ਗਿਆ, ਜਿਸ ਨੇ ਗੁਰੂ ਸਾਹਿਬ ਦੇ ਸਮੇਂ ਖ਼ਾਲਸੇ ਵੱਲੋਂ ਲੜੀਆਂ ਗਈਆਂ ਜੰਗਾਂ ਅਤੇ ਜੰਗੀ ਜੌਹਰਾਂ ਦੀ ਯਾਦ ਤਾਜ਼ਾ ਕਰਵਾ ਦਿੱਤੀ।
ਇਸ ਤੋਂ ਬਾਅਦ ਮਹੱਲਾ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪਹੁੰਚਿਆ। ਉੱਥੇ ਭਜਨ-ਕੀਰਤਨ ਉਪਰੰਤ ਬਾਫ਼ਨਾ ਚੌਕ, ਸ਼ਹੀਦ ਭਗਤ ਸਿੰਘ ਰੋਡ, ਅਬੀਚਲਨਗਰ ਅਤੇ ਪੁਰਾਣਾ ਮੋਢਾ ਹੁੰਦਾ ਹੋਇਆ ਗੁਰਦੁਆਰਾ ਨਗੀਨਾ ਘਾਟ ਸਾਹਿਬ ਵਿਖੇ ਪਹੁੰਚਿਆ। ਉੱਥੇ ਭਜਨ-ਪੂਜਨ ਅਤੇ ਅਰਦਾਸ ਕਰਨ ਤੋਂ ਬਾਅਦ ਮਹੱਲਾ ਰਾਤ ਕਰੀਬ 10:30 ਵਜੇ ਵਾਪਸ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।
ਇਸ ਮੌਕੇ ਗੁਰਦੁਆਰਾ ਸੱਚਖੰਡ ਬੋਰਡ ਦੇ ਮੀਤ ਪ੍ਰਧਾਨ ਸ. ਗੁਰਿੰਦਰ ਸਿੰਘ ਬਾਵਾ ਅਤੇ ਸਕੱਤਰ ਸ. ਰਵਿੰਦਰ ਸਿੰਘ ਬੁੰਗਈ ਨੇ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਅਤੇ ਸੰਤ-ਮਹਾਂਪੁਰਸ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਇਸ ਮਹੱਲੇ ਵਿੱਚ ਗੁਰਦੁਆਰਾ ਬੋਰਡ ਦੇ ਮੈਂਬਰ ਸ. ਮਨਪ੍ਰੀਤ ਸਿੰਘ ਕੁੰਜੀਵਾਲੇ, ਸ. ਗੁਰਮੀਤ ਸਿੰਘ ਮਹਾਜਨ, ਸਹਾਇਕ ਸੁਪਰਡੈਂਟ ਸ. ਬਲਵਿੰਦਰ ਸਿੰਘ ਫ਼ੌਜੀ, ਸਹਾਇਕ ਸੁਪਰਡੈਂਟ ਸ. ਜੈਮਲ ਸਿੰਘ ਢਿੱਲੋਂ ਤੋਂ ਇਲਾਵਾ ਬੋਰਡ ਦੇ ਸਮੂਹ ਅਧਿਕਾਰੀ, ਕਰਮਚਾਰੀ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।
Related