ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਜੈ ਰਾਮ ਠਾਕੁਰ, ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ

ਅਨੰਦਪੁਰ ਸਾਹਿਬ (ਅਰਸ਼ਦੀਪ ਸਿੰਘ ਕਾਲੜਾ) : ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ।

ਜੈ ਰਾਮ ਠਾਕੁਰ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਕਿਸੇ ਇੱਕ ਸੂਬੇ ਤੱਕ ਸੀਮਤ ਨਹੀਂ ਹੈ ਅਤੇ ਇਸ ਨਾਲ ਨਜਿੱਠਣ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਨਾਲ ਭਾਜਪਾ ਵੱਲੋਂ ਪੰਜਾਬ ਵਿੱਚ ਨਸ਼ਾ ਵਿਰੋਧੀ ਯਾਤਰਾ ਕੱਢੀ ਜਾ ਰਹੀ ਹੈ।

ਈ.ਡੀ. ਅਤੇ ਸੀ.ਬੀ.ਆਈ. ਦੀ ਕਥਿਤ ਦੁਰਵਰਤੋਂ ਬਾਰੇ ਪੁੱਛੇ ਸਵਾਲ ’ਤੇ ਠਾਕੁਰ ਨੇ ਕਿਹਾ ਕਿ ਜਿਹੜੇ ਲੋਕ ਕੋਈ ਗਲਤ ਕੰਮ ਕਰਦੇ ਹਨ, ਕੇਂਦਰੀ ਜਾਂਚ ਏਜੰਸੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਹੀ ਕਾਰਵਾਈ ਕੀਤੀ ਜਾਂਦੀ ਹੈ।

ਹਿਮਾਚਲ-ਪੰਜਾਬ ਸਰਹੱਦ ’ਤੇ ਟੋਲ ਬੈਰੀਅਰਾਂ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਇਸ ਸਬੰਧੀ ਵੱਡਾ ਫੈਸਲਾ ਲਿਆ ਜਾਵੇਗਾ ਅਤੇ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੋਲ ਦਰਾਂ ਵਿੱਚ ਵਾਧੇ ਕਾਰਨ ਦੋਵੇਂ ਸੂਬਿਆਂ ਦੇ ਲੋਕਾਂ ਦੇ ਆਪਸੀ ਸਬੰਧ ਪ੍ਰਭਾਵਿਤ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ।

ਐਸ.ਆਈ.ਆਰ. ਸਬੰਧੀ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ’ਤੇ ਜੈ ਰਾਮ ਠਾਕੁਰ ਨੇ ਕਿਹਾ ਕਿ ਚੋਣ ਕਮਿਸ਼ਨ ਇੱਕ ਸੰਵਿਧਾਨਕ ਸੰਸਥਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਪ੍ਰਕਿਰਿਆ ’ਤੇ ਉਠਾਏ ਜਾ ਰਹੇ ਸਵਾਲ ਬੇਬੁਨਿਆਦ ਹਨ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਡਾ. ਸੁਭਾਸ਼ ਸ਼ਰਮਾ ਅਤੇ ਐਡਵੋਕੇਟ ਅਰਵਿੰਦ ਮਿੱਤਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਹਾਜ਼ਰ ਸਨ।