ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਕਿਹਾ ਕਿ ਕਿਸਾਨਾਂ ਲਈ 2 ਲੱਖ ਰੁਪਏ ਦੀ ਕਰਜ਼ਾ ਮੁਆਫੀ ਛੇਤੀ ਹੀ ਲਾਗੂ ਕੀਤੀ ਜਾਵੇਗੀ। ਰਾਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੈਡੀ ਨੇ ਦਸਿਆ ਕਿ ਜਿਨ੍ਹਾਂ ਕਿਸਾਨਾਂ ਨੇ 12 ਦਸੰਬਰ, 2018 ਤੋਂ 9 ਦਸੰਬਰ, 2023 ਦਰਮਿਆਨ 2 ਲੱਖ ਰੁਪਏ ਤਕ ਦਾ ਕਰਜ਼ਾ ਲਿਆ ਹੈ, ਉਨ੍ਹਾਂ ਨੂੰ ਪੂਰੀ ਤਰ੍ਹਾਂ ਮੁਆਫ਼ ਕਰ ਦਿਤਾ ਜਾਵੇਗਾ।

ਉਨ੍ਹਾਂ ਕਿਹਾ, “ਮੰਤਰੀ ਮੰਡਲ ਨੇ 12 ਦਸੰਬਰ, 2018 ਤੋਂ 9 ਦਸੰਬਰ, 2023 ਤਕ ਪੰਜ ਸਾਲਾਂ ਦੀ ਮਿਆਦ ਲਈ ਸੂਬੇ ਦੇ ਕਿਸਾਨਾਂ ਦੁਆਰਾ ਲਏ ਗਏ 2 ਲੱਖ ਰੁਪਏ ਤਕ ਦੇ ਕਰਜ਼ੇ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਯੋਗਤਾ ਸ਼ਰਤਾਂ ਸਮੇਤ ਕਰਜ਼ਾ ਮੁਆਫੀ ਦੇ ਵੇਰਵਿਆਂ ਦਾ ਐਲਾਨ ਜਲਦ ਹੀ ਸਰਕਾਰੀ ਹੁਕਮ ਰਾਹੀਂ ਕੀਤਾ ਜਾਵੇਗਾ।
ਰੈਡੀ ਨੇ ਕਿਹਾ ਕਿ ਕਰਜ਼ਾ ਮੁਆਫੀ ਨਾਲ ਸਰਕਾਰੀ ਖਜ਼ਾਨੇ ‘ਤੇ ਲਗਭਗ 31,000 ਕਰੋੜ ਰੁਪਏ ਦਾ ਬੋਝ ਪਵੇਗਾ। ਉਨ੍ਹਾਂ ਇਲਜ਼ਾਮ ਲਾਇਆ ਕਿ ਪਿਛਲੀ ਬੀਆਰਐਸ ਸਰਕਾਰ ਨੇ 1 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਇਮਾਨਦਾਰੀ ਨਾਲ ਲਾਗੂ ਨਾ ਕਰਕੇ ਕਿਸਾਨਾਂ ਅਤੇ ਕਿਸਾਨੀ ਨੂੰ ਮੁਸੀਬਤ ਵਿਚ ਪਾ ਦਿਤਾ ਹੈ। ਰੈਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2 ਲੱਖ ਰੁਪਏ ਦੀ ਕਿਸਾਨ ਕਰਜ਼ਾ ਮੁਆਫੀ ਦੇ ਅਪਣੇ ਚੋਣ ਵਾਅਦੇ ਨੂੰ ਪੂਰਾ ਕਰ ਰਹੀ ਹੈ।