ਰਾਜਸਥਾਨ ਦੇ ਕਰੌਲੀ ‘ਚ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ ਮੱਧ ਪ੍ਰਦੇਸ਼ ਦੇ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਹਨ। 5 ਗੰਭੀਰ ਜ਼ਖ਼ਮੀਆਂ ਨੂੰ ਕਰੌਲੀ ਜ਼ਿਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਹਾਦਸਾ ਕਰੌਲੀ-ਗੰਗਾਪੁਰ ਰੋਡ ‘ਤੇ ਸਲੇਮਪੁਰ ਪਿੰਡ ਨੇੜੇ ਮੰਗਲਵਾਰ ਰਾਤ 8 ਵਜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਅਤੇ ਕਾਰ ਵਿਚਾਲੇ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਮਰਨ ਵਾਲੇ 5 ਲੋਕ ਮੱਧ ਪ੍ਰਦੇਸ਼ ਦੇ ਇੰਦੌਰ ਦੇ ਰਹਿਣ ਵਾਲੇ ਸਨ, ਇਹ ਸਾਰੇ ਕਾਰ ਵਿਚ ਕੈਲਾਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ।