ਫ਼ਰੀਦਕੋਟ(ਪ੍ਰਬੋਧ ਸ਼ਰਮਾ,ਵਿਪਨ ਮਿਤੱਲ):- ਭਾਰਤ ਦਾ 75ਵਾਂ ਗਣਤੰਤਰ ਦਿਵਸ ਸਮਾਗਮ ਨਹਿਰੂ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ, ਜਿਸ ਵਿੱਚ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐੱਮਪੀ ਮੁਹੰਮਦ ਸਦੀਕ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਕਮਿਸ਼ਨਰ ਫ਼ਰੀਦਕੋਟ ਡਵੀਜ਼ਨ, ਮਨਜੀਤ ਬਰਾੜ, ਨਵਜੋਤ ਕੌਰ, ਜ਼ਿਲ੍ਹਾ ਤੇ ਸੈਸ਼ਨ ਜੱਜ, ਏਡੀਜੀਪੀ ਨਰੇਸ਼ ਅਰੋੜਾ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਐੱਸਐੱਸਪੀ ਹਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਟੇਜ ਸੈਕਟਰੀ ਦੀ ਭੂਮਿਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦੀਪ ਸਿੰਘ ਮਾਨ ਅਤੇ ਜਸਬੀਰ ਜੱਸੀ ਵੱਲੋਂ ਨਿਭਾਈ ਗਈ।ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਕੈਬਨਿਟ ਮੰਤਰੀ ਲਾਲ ਚੰਦ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਰਿਹਾ। ਸਮਾਗਮ ਵਿੱਚ ਵੀ ਕੈਬਨਿਟ ਮੰਤਰੀ ਲਾਲ ਚੰਦ ਨੇ ਉਨ੍ਹਾਂ 5 ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਨੇ ਪਾਕਿਸਤਾਨ, ਚੀਨ ਅਤੇ ਸ੍ਰੀ ਲੰਕਾ ਯੁੱਧ ਦੌਰਾਨ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਰਾਪਤ ਕੀਤੀ। ਪੋ੍ਗਰਾਮ ਦੇ ਮੁੱਖ ਮਹਿਮਾਨ ਵੱਲੋਂ ਜ਼ਿਲ੍ਹੇ ਨਾਲ ਸਬੰਧਿਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਉਨ੍ਹਾਂ ਇਸ ਕੜਾਕੇ ਦੀ ਠੰਢ ਵਿੱਚ ਵੀ 90 ਸਾਲ ਦੇ ਕਰੀਬ ਆਜ਼ਾਦੀ ਘੁਲਾਟੀਏ ਨਿਹਾਲ ਸਿੰਘ ਭਾਣਾ ਵੱਲੋਂ ਪੋ੍ਗਰਾਮ ਵਿੱਚ ਸ਼ਿਰਕਤ ਕਰਨ ਤੇ ਤਹਿ ਦਿਲੋਂ ਧੰਨਵਾਦ ਕੀਤਾ।