ਦੇਸ਼ ਦੇ ਕਈ ਹਿੱਸਿਆਂ ਵਿਚ ਸੰਘਣੀ ਧੁੰਦ ਛਾਈ ਹੋਈ ਹੈ। ਉਧਰ, ਚੱਕਰਵਾਤ ਫੈਂਗਲ ਭਾਰਤ ਦੇ ਦੱਖਣੀ ਰਾਜਾਂ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਚਿਤਾਵਨੀ ਦਿੱਤੀ ਹੈ ਕਿ 28 ਨਵੰਬਰ ਨੂੰ ਤੱਟਵਰਤੀ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਕੁਝ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ। ਇਨ੍ਹਾਂ ਇਲਾਕਿਆਂ ਵਿਚ 29 ਅਤੇ 30 ਨਵੰਬਰ ਨੂੰ ਵੀ ਬਰਸਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਰਾਇਲਸੀਮਾ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ 28 ਅਤੇ 30 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।ਆਈਐਮਡੀ ਨੇ ਭਾਰਤ ਦੇ ਉੱਤਰੀ ਖੇਤਰਾਂ ਵਿਚ ਸੰਘਣੀ ਧੁੰਦ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ 29 ਨਵੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇਕ ਨਵੀਂ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ 28 ਤੋਂ 29 ਨਵੰਬਰ ਤੱਕ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 28 ਨਵੰਬਰ ਤੋਂ 1 ਦਸੰਬਰ ਤੱਕ ਵੱਖ-ਵੱਖ ਥਾਵਾਂ ’ਤੇ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਬਾਰਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਦਿੱਲੀ ‘ਚ ਧੁੰਦ ਦਾ ਅਲਰਟ
ਮੌਸਮ ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ (28 ਅਤੇ 29 ਨਵੰਬਰ) ਲਈ ਦਿੱਲੀ-ਐਨਸੀਆਰ ਵਿੱਚ ਧੁੰਦ ਨੂੰ ਲੈ ਕੇ ਇੱਕ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸਕਦੀ ਹੈ। ਇਸ ਕਾਰਨ ਸਵੇਰ ਅਤੇ ਰਾਤ ਦੇ ਤਾਪਮਾਨ ਵਿਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਠੰਢ ਵਧਣ ਦੇ ਆਸਾਰ ਹਨ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਯੂਪੀ-ਬਿਹਾਰ ਵਿੱਚ ਸੰਘਣੀ ਧੁੰਦ
ਆਈਐਮਡੀ ਮੁਤਾਬਕ ਅਗਲੇ ਦੋ ਦਿਨਾਂ ਵਿਚ ਉੱਤਰ ਪ੍ਰਦੇਸ਼ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਸੂਬੇ ‘ਚ ਸਵੇਰ ਅਤੇ ਸ਼ਾਮ ਨੂੰ ਕਾਫੀ ਠੰਡ ਹੋਵੇਗੀ। ਮੌਸਮ ਵਿਭਾਗ ਅਨੁਸਾਰ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ। ਅਗਲੇ ਕੁਝ ਦਿਨਾਂ ਤੱਕ ਸੂਬੇ ਵਿਚ ਠੰਡੀਆਂ ਹਵਾਵਾਂ ਅਤੇ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਬਿਹਾਰ ‘ਚ ਠੰਡ ਦਾ ਅਸਰ ਵਧਦਾ ਜਾ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਧੁੰਦ ਫੈਲਣ ਲੱਗੀ ਹੈ, ਜਿਸ ਕਾਰਨ ਲੋਕਾਂ ਨੂੰ ਦਿਨ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਢ ਹੋਰ ਵਧੇਗੀ।
ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੇਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਤਾਮਿਲਨਾਡੂ ਦੇ ਤੱਟ ਉਤੇ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਦੀ ਤੀਬਰਤਾ ਘੱਟ ਜਾਵੇਗੀ। ਕੇਰਲ ਅਤੇ ਆਂਧਰਾ ਪ੍ਰਦੇਸ਼ ਦੇ ਤੱਟ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ ਅਤੇ ਤਾਮਿਲਨਾਡੂ ਦੇ ਅੰਦਰੂਨੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।24 ਘੰਟਿਆਂ ਬਾਅਦ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ ਤੱਟ ਦੇ ਨਾਲ ਸਮੁੰਦਰ ਦੀ ਸਥਿਤੀ ਅਗਲੇ 48 ਘੰਟਿਆਂ ਤੱਕ ਖਰਾਬ ਤੋਂ ਬਹੁਤ ਖਰਾਬ ਰਹਿ ਸਕਦੀ ਹੈ। ਦਿੱਲੀ ਅਤੇ ਐਨਸੀਆਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜੀ ਸ਼੍ਰੇਣੀ ਵਿੱਚ ਰਹਿਣ ਦੀ ਸੰਭਾਵਨਾ ਹੈ।